ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਨੂੰ 100 ਪੀ. ਪੀ. ਈ. ਕਿੱਟਾਂ ਸਪੁਰਦ
ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਫਰੰਟ ਲਾਈਨ ’ਤੇ ਕੋਰੋਨਾ ਖ਼ਿਲਾਫ਼ ਲੜ੍ਹ ਰਹੇ ਡਾਕਟਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ
ਲੁਧਿਆਣਾ, 9 ਮਈ (ਨਿਊਜ਼ ਪੰਜਾਬ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ-ਕਮ-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਆਂਧੀਸ਼ ਸ੍ਰੀ ਰਾਕੇਸ਼ ਕੁਮਾਰ ਜੈਨ ਦੀਆਂ ਹਦਾਇਤਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਜਿਲ੍ਹਾ ਕਚਹਿਰੀਆਂ ਕੰਪਲੈਕਸ, ਲੁਧਿਆਣਾ ਵਿੱਚ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਸ੍ਰੀਮਤੀ ਪ੍ਰੀਤੀ ਸੁਖੀਜਾ, ਚੀਫ ਜ਼ੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 100 ਨਿੱਜੀ ਸੁਰੱਖਿਆ ਕਿੱਟਾਂ (ਪੀ. ਪੀ. ਈ. ਕਿੱਟ) ਫਰੰਟ ਲਾਈਨ ’ਤੇ ਹੋ ਕੇ ਕੋਰੋਨਾ ਮਹਾਂਮਾਰੀ ਖਿਲਾਫ ਲੜਾਈ ਲੜ ਰਹੇ ਅਤੇ ਇਸ ਬੀਮਾਰੀ ਦਾ ਸ਼ਿਕਾਰ ਹੋਏ ਵਿਅਕਤੀਆਂ ਦਾ ਇਲਾਜ ਕਰ ਰਹੇ ਡਾਕਟਰਾਂ ਦੀ ਸੁਰੱਖਿਆ ਲਈ ਸਿਵਲ ਸਰਜਨ ਲੁਧਿਆਣਾ ਦੇ ਸਪੁਰਦ ਕੀਤੀਆਂ ਗਈਆਂ।
ਸ੍ਰ. ਗੁਰਬੀਰ ਸਿੰਘ ਵੱਲੋਂ ਡਾਕਟਰਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਦੇਸ਼ ਦੀ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਨੂੰ ਆਪਣਾ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਲੌਕਡਾਊਨ ਦੌਰਾਨ ਆਪਣੇ ਘਰਾਂ ਵਿੱਚ ਰਹਿਣ ਅਤੇ ਕਿਸੇ ਬਹੁਤ ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਲੌਕਡਾਊਨ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪੂਰਨ ਤੌਰ ’ਤੇ ਅਤੇ ਸਹੀ ਤਰੀਕੇ ਨਾਲ ਪਾਲਣਾ ਕਰਨ ਅਤੇ ਸੰਕਟ ਦੀ ਇਸ ਘੜੀ ਵਿੱਚ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ।