ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਜਾਗਰੂਕਤਾ ਵੈਨ ਰਵਾਨਾ
ਨਿਊਜ਼ ਪੰਜਾਬ
ਮੋਗਾ, 20 ਮਾਰਚ 2025
ਅੱਜ ਸਥਾਨਕ ਬਲਾਕ ਮੋਗਾ ਇੱਕ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਭੰਗੇਰੀਆਂ ਤੋਂ ਜ਼ਿਲ੍ਹਾ ਮੋਗਾ ਦੀ ਦੋ ਰੋਜ਼ਾ ਦਾਖਲਾ ਮੁਹਿੰਮ ਲਈ ਸਜਾਈ ਵੈਨ ਨੂੰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਮੰਜੂ ਭਾਰਦਵਾਜ , ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀ ਆਸ਼ੀਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ੍ਰ ਨਿਸ਼ਾਨ ਸਿੰਘ ਸੰਧੂ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰ ਗੁਰਦਿਆਲ ਸਿੰਘ ਮਠਾੜੂ ਵੀ ਹਾਜ਼ਰ ਸਨ ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਦਿਲਚਸਪੀ ਲੈਂਦਿਆਂ ਸਰਕਾਰੀ ਸਕੂਲਾਂ ਲਈ ਨਵੀਆਂ ਇਮਾਰਤਾਂ, ਕਮਰੇ, ਬਾਉਂਡਰੀ ਵਾਲ, ਪ੍ਰੋਜੈਕਟਰ, ਕੰਪਿਊਟਰ ਲੈਬਜ਼, ਸਾਇੰਸ ਲੈਬਜ਼, ਲਾਇਬਰੇਰੀਆਂ, ਬੇਹਤਰੀਨ ਫਰਨੀਚਰ ਅਤੇ ਆਧੁਨਿਕ ਸੁਖ ਸੁਵਿਧਾਵਾਂ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਵਚਨਵਤਾ ਦੁਹਰਾਈ ਜਾ ਰਹੀ ਹੈ। ਇਸੇ ਕੜੀ ਵਿੱਚ ਪੰਜਾਬ ਦੇ ਅਧਿਆਪਕਾਂ ਨੂੰ ਫਿਨਲੈਂਡ, ਸਿੰਘਾਪੁਰ ਅਤੇ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਵਿਸ਼ੇਸ਼ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਉਹਨਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਲਈ ਪਿੰਡਾਂ ਦੀਆਂ ਪੰਚਾਇਤਾਂ , ਐਨਆਰਆਈ ਵੀਰਾਂ , ਸਕੂਲ ਪ੍ਰਬੰਧਕੀ ਕਮੇਟੀਆਂ, ਸਿੱਖਿਆ ਵੀ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨੂੰ ਯਾਦ ਕਰਦਿਆਂ ਇਸ ਵਰ੍ਹੇ ਦੀ ਦਾਖਲਾ ਮੁਹਿੰਮ ਵਿੱਚ ਮੋਗਾ ਜ਼ਿਲ੍ਹੇ ਨੂੰ ਮੋਹਰੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਸਬੰਧੀ ਹਰ ਸੰਭਵ ਸਹਾਇਤਾ ਦੇਣ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀ ਆਸ਼ੀਸ਼ ਕੁਮਾਰ ਨੇ ਕਿਹਾ ਕਿ ਇਹ ਦੋ ਰੋਜ਼ਾ ਦਾਖਲਾ ਮੁਹਿੰਮ ਨੂੰ ਸਮਰਪਿਤ ਮੋਬਾਈਲ ਵੈਨ ਮੋਗਾ ਦੇ ਸਾਰੇ ਛੇ ਬਲਾਕਾਂ ਵਿੱਚੋਂ ਲੰਘਦੇ ਹੋਏ ਜਿੱਥੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ ਉੱਥੇ ਵੱਧ ਤੋਂ ਵੱਧ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਵਿੱਚ ਕਾਮਯਾਬ ਰਹੇਗੀ। ਉਹਨਾਂ ਸਿੱਖਿਆ ਪ੍ਰੇਮੀਆਂ , ਮਾਪਿਆਂ, ਸਕੂਲ ਪ੍ਰਬੰਧਕੀ ਕਮੇਟੀਆਂ, ਅਧਿਆਪਕਾਂ ਨੂੰ ਇਸ ਵੈਨ ਦਾ ਆਪਣੇ ਪਿੰਡ, ਆਪਣੇ ਮੁਹੱਲੇ, ਸ਼ਹਿਰ ਪਹੁੰਚਣ ਤੇ ਸਵਾਗਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਮੰਜੂ ਭਾਰਦਵਾਜ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਪਣੇ ਬ੍ਰਾਂਡ ਅੰਬੈਸਡਰ ਦੱਸਦਿਆਂ ਇਸ ਲਈ ਟੀਮ ਵਰਕ ਵਿੱਚ ਕੰਮ ਕਰਦਿਆਂ ਮੋਗਾ ਜਿਲ੍ਹੇ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਿਲ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚੇ ਮਿਲ ਰਹੀਆਂ ਸਹੂਲਤਾਂ ਅਤੇ ਮਿਆਰੀ ਸਿੱਖਿਆ ਪ੍ਰਾਪਤ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਭਾਰਤ ਦੇਸ਼ ਦਾ ਨਾਮ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਰੌਸ਼ਨ ਕਰਨਗੇ।