ਫਤਹਿਗੜ੍ਹ ਸਾਹਿਬ ਜ਼ਿਲ੍ਹੇ ‘ ਚ ਨਾਕਾਬੰਦੀ ਦੌਰਾਨ 650 ਤੋਂ ਵੱਧ ਵਾਹਨਾਂ ਦੀ ਕੀਤੀ ਚੈਕਿੰਗ; 273 ਵਾਹਨਾਂ ਦੇ ਕੱਟੇ ਚਾਲਾਨ; 18 ਵਾਹਨ ਜ਼ਬਤ
ਜਿਲ੍ਹਾ ਫਤਹਿਗੜ੍ਹ ਸਾਹਿਬ ਜ਼ਿਲ੍ਹੇ ‘ ਚ ਨਾਕਾਬੰਦੀ ਦੌਰਾਨ 650 ਤੋਂ ਵੱਧ
ਨਿਊਜ਼ ਪੰਜਾਬ
2 ਅਪ੍ਰੈਲ 2025
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਦੁਪਹਿਰ 12 ਵਜੇ ਤੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਤੇ 12 ਨਾਕੇ ਲਗਾਏ ਗਏ। ਇਸ ਦੌਰਾਨ 650 ਤੋਂ ਵੱਧ ਵਾਹਨ ਚੈੱਕ ਕੀਤੇ ਗਏ ਤੇ 273 ਵਾਹਨਾਂ ਦੇ ਚਾਲਾਨ ਕੱਟੇ ਗਏ। ਇਸੇ ਦੌਰਾਨ 18 ਵਾਹਨ ਜ਼ਬਤ ਵੀ ਕੀਤੇ ਗਏ। ਇਸ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ, ਜਿਸ ਸਬੰਧੀ ਅਗਲੇਰੀ ਪੜਤਾਲ ਜਾਰੀ ਹੈ।
ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜੋਤੀ ਸਰੂਪ ਮੋੜ ਵਿਖੇ ਪੁਲਿਸ ਵੱਲੋਂ ਲਾਏ ਨਾਕੇ ਦੀ ਚੈਕਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਐੱਸਐੱਸਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਦੋ ਨਾਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।