ਡਿਪਟੀ ਕਮਿਸ਼ਨਰ ਨੇ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਮੌਕੇ ਵਿਦਿਆਰਥੀ ਕੀਤੇ ਸਨਮਾਨਿਤ
ਨਿਊਜ਼ ਪੰਜਾਬ
ਪਟਿਆਲਾ, 11 ਅਪ੍ਰੈਲ 2025
ਮੈਰੀਟੋਰੀਅਸ ਸਕੂਲ ਪਟਿਆਲਾ ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਮੌਕੇ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ।
ਇਸ ਮੌਕੇ ਉਨ੍ਹਾਂ ਨੇ ਮੈਰਿਟ ਵਾਲੇ 21 ਬੱਚਿਆਂ ਨੂੰ ਡਿਗਰੀਆਂ ਵੰਡੀਆਂ ਅਤੇ 26 ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਡਾ.ਪ੍ਰੀਤੀ ਯਾਦਵ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਮਿਹਨਤ ਕਰਕੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸ ਸਮਾਰੋਹ ਦੀ ਪ੍ਰਧਾਨਗੀ ਪ੍ਰਿੰਸੀਪਲ ਮੈਡਮ ਦੀਪਮਾਲਾ ਨੇ ਕੀਤੀ। ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਸਕੂਲ ਸਿੱਖਿਆ ਦੇ ਨਾਲ ਨਾਲ ਖੇਡਾਂ ਅਤੇ ਹਰ ਤਰ੍ਹਾਂ ਦੀ ਗਤੀਵਿਧੀਆਂ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਸਕੂਲ ਦੀ ਅਲੂਮਨੀ ਅਸੋਸਿਏਸ਼ਨ ਦਾ ਗਠਨ ਕੀਤਾ ਗਿਆ ਅਤੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਸਮਾਰੋਹ ਵਿੱਚ ਰੌਟਰੀ ਕਲੱਬ ਪਟਿਆਲਾ, ਸੀਨੀਅਰ ਸਿਟੀਜਨ ਸੋਸਾਇਟੀ, ਸ਼ਹੀਦ ਕਰਤਾਰ ਸਿੰਘ ਸਰਾਭਾ ਸੋਸਾਇਟੀ, ਵੇਰਕਾ ਮਿਲਕ ਪਲਾਂਟ ਅਤੇ ਐੱਚ ਡੀ ਐਫ਼ ਸੀ ਬੈਂਕ ਵੱਲੋਂ ਸਹਿਯੋਗ ਦਿੱਤਾ ਗਿਆ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸਿੰਘ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਵਧੀਆ ਨਤੀਜੇ ਲਿਆਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਸੈਕਸ਼ਨ ਅਫਸਰ ਹਰਮਨਦੀਪ ਕੌਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਡਾ. ਰਜਨੀਸ਼ ਗੁਪਤਾ, ਪ੍ਰਿੰਸੀਪਲ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਸੁਧੀਰ ਕੁਮਾਰ, ਪ੍ਰਿੰਸੀਪਲ ਮੈਰੀਟੋਰੀਅਸ ਸਕੂਲ ਸੰਗਰੂਰ ਹਰਜੋਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।