ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਵੱਲੋਂ ਕੇਂਦਰ ਜੇਲ੍ਹ ਦਾ ਦੌਰਾ
ਨਿਊਜ਼ ਪੰਜਾਬ
ਪਟਿਆਲਾ, 16 ਅਪ੍ਰੈਲ 2025
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ ਨੇ ਸ੍ਰੀਮਤੀ ਅਮਨਦੀਪ ਕੰਬੋਜ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨਾਲ ਕੇਂਦਰੀ ਜੇਲ੍ਹ, ਪਟਿਆਲਾ ਦਾ ਦੌਰਾ ਕੀਤਾ।
ਇਸ ਦੌਰੇ ਦੌਰਾਨ ਵਧੀਕ ਮੈਂਬਰ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਨਿੱਜੀ ਤੌਰ ਤੇ ਹਰੇਕ ਬੈਰਕ ਦਾ ਦੌਰਾ ਕੀਤਾ। ਕੈਦੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਵਜੋਂ, ਮਾਣਯੋਗ ਜੱਜ ਨੇ ਉਨ੍ਹਾਂ ਨਾਲ ਸਾਰਥਕ ਗੱਲਬਾਤ ਕੀਤੀ, ਖ਼ਾਸ ਕਰਕੇ “ਮਿਸ਼ਨ ਮੋਡ” ਬਾਰੇ, ਜੋ ਕਿ ਸੁਪਰੀਮ ਕੋਰਟ ਕਾਨੂੰਨੀ ਸੇਵਾਵਾਂ ਕਮੇਟੀ ਦੁਆਰਾ ਜੇਲ੍ਹ ਕੈਦੀਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਹੈ। ਉਨ੍ਹਾਂ ਨੂੰ ਮਾਣਯੋਗ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਦੇ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਪੈਨਲ ਐਡਵੋਕੇਟਸ ਦੀ ਟੀਮ ਵੀ ਮੌਜੂਦ ਸੀ।
ਇਸ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਦੇ ਨਾਲ -ਨਾਲ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ “ਮਿਸ਼ਨ ਮੋਡ” ਬਾਰੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।
ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀਮਤੀ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪ ਲਾਈਨ ਨੰਬਰ 15100 ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।