ਪੰਜਾਬ ਸਿੱਖਿਆ ਕ੍ਰਾਂਤੀ’ : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਸਿੱਖਿਆ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ
ਨਿਊਜ਼ ਪੰਜਾਬ
ਸਾਹਨੇਵਾਲ/ਲੁਧਿਆਣਾ, 19 ਅਪ੍ਰੈਲ – ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਅਧੀਨ ਵੱਖ-ਵੱਖ ਸਰਕਾਰੀ ਸਕੂਲਾਂ ਦੇ ਨਵੀਨੀਕਰਣ ਕਾਰਜ਼ਾਂ ਨੂੰ ਮੁਕੰਮਲ ਕਰਵਾ ਕੇ ਰਸਮੀ ਉਦਘਾਟਨ ਕੀਤੇ ਗਏ ਜਿਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ, ਜਮਾਲਪੁਰ ਅਵਾਣਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਜਮਾਲਪੁਰ ਅਵਾਣਾ, ਸਰਕਾਰੀ ਪ੍ਰਾਇਮਰੀ ਸਕੂਲ ਭਾਮੀਆਂ ਖੁਰਦ, ਸਰਕਾਰੀ ਹਾਈ ਸਕੂਲ, ਭਾਮੀਆਂ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ, ਤਾਜਪੁਰ ਬੇਟ ਸ਼ਾਮਲ ਹਨ। ਇਸ ਸਮੇਂ ਉਨ੍ਹਾਂ ਦੇ ਨਾਲ ਕੌਂਸਲਰ ਸ੍ਰ. ਜਸਪਾਲ ਸਿੰਘ ਗਰੇਵਾਲ ਅਤੇ ਹੋਰ ਆਗੂ ਵੀ ਸਨ
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਵੱਖ-ਵੱਖ ਸਕੂਲੀ ਉਦਘਾਟਨੀ ਸਮਾਗਮਾਂ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਕੂਲੀ ਬੁਨਿਆਦੀ ਢਾਂਚੇ ਵਿੱਚ ਜੰਗੀ ਪੱਧਰ ‘ਤੇ ਸੁਧਾਰ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਸਕੂਲਾਂ ਦੀਆਂ ਨਵੀਆਂ ਇਮਾਰਤਾਂ, ਫਰਨੀਚਰ, ਲੈਬ, ਸਕੂਲਾਂ ਦੀ ਚਾਰਦਿਵਾਰੀ, ਪਖਾਨੇ, ਬੱਚਿਆ ਦੇ ਪੀਣ ਲਈ ਸਾਫ ਪਾਣੀ ਦੀ ਵਿਵਸਥਾ, ਸਕੂਲਾਂ ਵਿੱਚ ਲਾਇਬਰੇਰੀਆਂ ਆਦਿ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਿਹਤ ਸੰਸਥਾਵਾਂ ਅਤੇ ਸਿੱਖਿਆ ਸੰਸਥਾਨਾਂ ਵਿੱਚ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਜਾਵੇਗੀ ਜਿਸ ‘ਤੇ ਪਹਿਰਾ ਦਿੰਦਿਆਂ ਕਰੀਬ 12700 ਕੱਚੇ ਅਧਿਆਪਕਾਂ ਨੂੰ ਪੱਕਾ ਕਰਕੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਚਾਰ ਗੁਣਾਂ ਵਾਧਾ ਕੀਤਾ ਹੈ, 20 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬਿਨ੍ਹਾਂ ਕਿਸੇ ਸਿਫ਼ਾਰਿਸ਼, ਪਾਰਦਰਸ਼ੀ ਢੰਗ ਨਾਲ 56700 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸੂਬੇ ਵਿੱਚ ਕੁੱਲ 20 ਹਜ਼ਾਰ ਸਰਕਾਰੀ ਸਕੂਲ ਹਨ ਜਿੱਥੇ ਕਰੀਬ 28 ਲੱਖ ਬੱਚੇ ਪੜ੍ਹਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਪਹਿਲਾਂ ਬੱਚੇ ਭੁੰਜੇ ਬੈਠਕੇ ਪੜ੍ਹਦੇ ਸਨ, ਸਕੂਲੀ ਬੁਨਿਆਦੀ ਢਾਂਚਾ ਨਾ ਦੇ ਬਰਾਬਰ ਸੀ ਅਤੇ ਬੱਚਿਆਂ ਦੀ ਪੜ੍ਹਾਈ ਦੇ ਅਨੁਕੂਲ ਮਾਹੌਲ ਨਹੀਂ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਤਿੰਨ ਸਾਲਾਂ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟੀਆਂ ਹਨ। ਹੁਣ 17 ਹਜ਼ਾਰ ਸਕੂਲਾਂ ਵਿੱਚ ਵਾਈ-ਫਾਈ ਦੀ ਸਹੂਲਤ ਹੈ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਹੋਣ ਨਾਲ ਬੱਚਿਆਂ ਨੂੰ ਚੰਗੀ ਸਿੱਖਿਆ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ 9 ਹਜ਼ਾਰ ਦੇ ਕਰੀਬ ਚੌਕੀਦਾਰਾਂ ਤੇ ਸਫਾਈ ਸੇਵਕਾਂ ਦੀ ਭਰਤੀ ਕੀਤੀ ਗਈ ਹੈ, 150 ਤੋਂ ਵੱਧ ਸਕੂਲਾਂ ਵਿੱਚ ਬੱਸ ਸੇਵਾ ਸੁ਼ਰੂ ਕੀਤੀ ਗਈ ਹੈ ਖਾਸ ਤੌਰ ‘ਤੇ ਇਸਦਾ ਲੜਕੀਆਂ ਨੂੰ ਲਾਭ ਹੋ ਰਿਹਾ ਹੈ ਜਿਹੜੀਆਂ ਕਿ ਸਕੂਲ ਦੂਰ-ਦੁਰਾਡੇ ਹੋਣ ਕਾਰਨ ਆਪਣੀ ਪੜ੍ਹਾਈ ਵਿਚਾਲੇ ਛੱਡ ਦਿੰਦੀਆਂ ਸਨ। ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ 118 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਅਤੇ ਜਲਦ ਹਲਕਾ ਸਾਹਨੇਵਾਲ ਵਿੱਚ ਵੀ 2 ਸਕੂਲ ਆਫ ਐਮੀਨੈਂਸ (ਇੱਕ ਮੁੰਡੀਆਂ ਕਲਾਂ ਅਤੇ ਦੂਸਰਾ ਕੰਡਿਆਣਾ ਵਿਖੇ) ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ।
ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਨੂੰ ਵੇਖਕੇ ਇਸ ਵਾਰ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ 8905 ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਅਤੇ ਅਦਿੱਤਿਆ ਐਲ-1 ਲਾਂਚ ਦੇਖਣ ਲਈ ਇਸਰੋ ਦਾ ਦੌਰਾ ਕੀਤਾ। ਉਹਨਾਂ ਹੋਰ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਸਿੰਘਾਪੁਰ ਵਿਖੇ 234 ਪ੍ਰਿੰਸੀਪਲ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਫਿਨਲੈਂਡ ਵਿਖੇ 144 ਪ੍ਰਾਇਮਰੀ ਸਕੂਲਾਂ ਦੇ ਅਧਿਆਪਕ, ਮੁੱਖ ਅਧਿਆਪਕ ਅਤੇ ਬੀ.ਪੀ.ਈ.ਓ. ਟ੍ਰੇਨਿੰਗ ਲੈ ਚੁੱਕੇ ਹਨ ਅਤੇ 72 ਹੋਰ ਅਧਿਆਪਕਾਂ ਨੂੰ ਫਿਨਲੈਂਡ ਟ੍ਰੇਨਿੰਗ ਲਈ ਭੇਜਿਆ ਗਿਆ ਹੈ। ਇਸੇ ਤਰ੍ਹਾਂ ਹੀ ਆਈ.ਆਈ.ਐਮ. ਅਹਿਮਦਾਬਾਦ ਵਿਖੇ 150 ਪ੍ਰਿੰਸੀਪਲ ਅਤੇ ਹੈਡ ਮਾਸਟਰ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ।
ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਸੈਂਕੜੇ ਖੇਡ ਮੈਦਾਨ ਵਿਕਸਿਤ ਕੀਤੇ ਗਏ ਹਨ ਉੱਥੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ ਜਿਸਦੇ ਸਾਰਥਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜ ਦਿੱਤੀ ਗਈ ਹੈ, ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਨਾਜਾਇਜ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ, ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਜਿਸਦੀ ਸਥਾਨਕ ਲੋਕਾਂ ਵੱਲੋਂ ਵੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਵਚਨਬੱਧ ਹੈ ਜਿਸਦੇ ਤਹਿਤ ਨਾਮੀ ਕੰਪਨੀਆਂ ਪੰਜਾਬ ਸੂਬੇ ਵਿੱਚ ਕਰੋੜਾਂ ਰੁਪਏ ਨਿਵੇਸ਼ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਟਾਟਾ ਸਟੀਲ ਦਾ ਦੂਜਾ ਸੱਭ ਤੋਂ ਵੱਡਾ ਪਲਾਂਟ ਹਲਕਾ ਸਾਹਨੇਵਾਲ ਅਧੀਨ ਧਨਾਂਨਸੂ ਵਿੱਚ ਲੱਗਾ ਹੈ ਜੋਕਿ ਲੁਧਿਆਣਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਚੋਣਾਂ ਦੌਰਾਨ ‘ਆਪ’ ਪਾਰਟੀ ਵੱਲੋਂ ਮੁਫ਼ਤ ਬਿਜਲੀ ਦੇਣ ਦਾ ਵਾਅਦ ਕੀਤਾ ਸੀ ਜਿਸਦੇ ਤਹਿਤ ਅੱਜ 90 ਫੀਸਦ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ, ਲੋਕਾਂ ਦੀ ਸੁਰੱਖਿਆ ਲਈ ਸੜ੍ਹਕ ਸੁਰੱਖਿਆ ਫੋਰਸ (ਐਸ.ਐਸ.ਐਫ.) ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਲਦ ਪੰਜਾਬ ਵਿੱਚ 4 ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਤਾਂ ਜੋ ਸਾਡੇ ਮੈਡੀਕਲ ਦੇ ਵਿਦਿਆਰਥੀ ਐਮ.ਬੀ.ਬੀ.ਐਸ. ਦੀ ਪੜਾਈ ਲਈ ਦੂਜੇ ਮੁਲਕਾਂ ਵਿੱਚ ਨਾ ਜਾਣਾ ਪਵੇ।
ਇਸ ਮੌਕੇ ਸਾਂਝੇ ਤੌਰ ‘ਤੇ ਸਕੂਲ ਸਟਾਫ ਵੱਲੋਂ ਕੈਬਨਿਟ ਮੰਤਰੀ ਮੁੰਡੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਸ਼ੇਸ਼ ਪਹਿਲਕਦਮੀ ਕਰਦਿਆਂ ਬਿਨ੍ਹਾਂ ਕਿਸੇ ਜਾਤੀ ਭੇਦਭਾਵ ਦੇ ਸਾਰੇ ਸਕੂਲੀ ਬੱਚਿਆਂ ਨੂੰ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਲੜਕੀਆਂ ਅਤੇ ਸਿਰਫ ਅਨੁਸੂਚਿਤ ਜਾਤੀ ਦੇ ਲੜਕਿਆਂ ਨੂੰ ਹੀ ਵਰਦੀਆਂ ਮਿਲਦੀਆਂ ਸਨ ਜਿਸ ਕਾਰਨ ਆਰਥਿਕ ਪੱਖੋਂ ਕਮਜ਼ੋਰ ਹੋਰਨਾਂ ਵਰਗਾਂ ਦੇ ਵਿਦਿਆਰਥੀ ਵਰਦੀ ਤੋਂ ਵਾਂਝੇ ਰਹਿ ਜਾਂਦੇ ਸਨ ਅਤੇ ਅਧਿਆਪਕਾਂ ਨੂੰ ਸਕੂਲੀ ਬੱਚਿਆਂ ਦੇ ਮਾਪਿਆਂ ਦੀ ਵੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈਂਦਾ ਸੀ।