ਮੁੱਖ ਖ਼ਬਰਾਂਪੰਜਾਬ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਹਲਕਾ ਖੰਨਾ ਦੇ ਦੋ ਹੋਰ ਸਰਕਾਰੀ ਸਕੂਲਾਂ ਵਿੱਚ 37.68 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ”

ਪੰਜਾਬ ਸਰਕਾਰ ਦਾ ਵਿਸ਼ੇਸ਼ ਧਿਆਨ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਗੁਣਵੱਤਾ ਸਿੱਖਿਆ ਪ੍ਰਣਾਲੀ ਮੁਹੱਈਆ ਕਰਨਾ ਹੈ :

– ਪੰਜਾਬ ਸਰਕਾਰ ਵੱਲੋਂ 12750 ਕੱਚੇ ਅਧਿਆਪਕ ਪੱਕੇ ਕੀਤੇ ਗਏ ਅਤੇ 20 ਹਜ਼ਾਰ ਨਵੇਂ ਅਧਿਆਪਕਾ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ :

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਹਰਜੀਤ ਸਿੰਘ ਖ਼ਾਲਸਾ / ਨਿਊਜ਼ ਪੰਜਾਬ

ਖੰਨਾ (ਲੁਧਿਆਣਾ), 19 ਅਪ੍ਰੈਲ :ਪੰਜਾਬ ਸਰਕਾਰ ਦਾ ਵਿਸ਼ੇਸ਼ ਧਿਆਨ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਗੁਣਵੱਤਾ ਸਿੱਖਿਆ ਪ੍ਰਣਾਲੀ ਮੁਹੱਈਆ ਕਰਨਾ ਹੈ। ਅੱਜ ਪਹਿਲਾ ਨਾਲੋਂ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੇ ਬਦਲਾਅ ਆਏ ਹਨ। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੂਰੇ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਲਿਆਂਦੀ ਗਈ ਹੈ ਅਤੇ ਕਰੋੜਾਂ ਰੁਪਏ ਪੂਰੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਖਰਚੇ ਗਏ ਹਨ।

ਇਹ ਵਿਚਾਰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸ਼ਨੀਵਾਰ ਨੂੰ ਹਲਕਾ ਖੰਨਾ ਦੇ ਦੋ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ 37.68 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਪ੍ਰਗਟ ਕੀਤੇ।

ਕੈਬਨਿਟ ਮੰਤਰੀ ਨੇ ਜਿਹੜੇ ਦੋ ਸਕੂਲਾਂ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਹੈ, ਉਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਤਿਆਰ ਕਰਵਾਈ ਗਈ ਹੈ, 21.50 ਲੱਖ ਰੁਪਏ ਦੀ ਲਾਗਤ ਸਕੂਲ ਦੇ ਖੇਡ ਮੈਦਾਨ ਦੀ ਚਾਰਦੀਵਾਰੀ ਕੀਤੀ ਗਈ ਅਤੇ 21.50 ਲੱਖ ਰੁਪਏ ਸਕੂਲ ਦੇ ਬਾਥਰੂਮ ਰਿਪੇਅਰ ਕੀਤੇ ਗਏ। ਸਰਕਾਰੀ ਪ੍ਰਾਇਮਰੀ ਸਕੂਲ ਜਟਾਣਾ ਵਿਚ 3 ਲੱਖ, 78 ਹਜ਼ਾਰ, 220 ਰੁਪਏ ਦੀ ਸਕੂਲ ਰਿਪੇਅਰ ਕਰਵਾਈ ਗਈ।

ਸੌਂਦ ਨੇ ਕਿਹਾ ਕਿ ਸਕੂਲਾਂ ਅੰਦਰ ਜੋ ਵਿਕਾਸ ਕਾਰਜ ਰਹਿੰਦੇ ਸੀ ਚਾਹੇ ਉਹ ਲਾਈਬਰੇਰੀ ਦਾ ਨਿਰਮਾਣ, ਸਕੂਲ ਦੀ ਚਾਰਦੀਵਾਰੀ, ਕਮਰਿਆਂ ਦਾ ਨਿਰਮਾਣ, ਸਾਇੰਸ ਲੈਬ ਆਦਿ ਸਕੂਲਾਂ ਅੰਦਰ ਰਹਿੰਦੇ ਕਾਰਜ ਵੀ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਬਦਲਾਅ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਈ ਹੈ। ਸਕੂਲਾਂ ਅੰਦਰ ਭਾਰੀ ਬਦਲਾਅ ਤੋਂ ਬਾਅਦ ਲੋਕਾਂ ਦੀ ਸੋਚ ਬਦਲੀ ਹੈ ਅਤੇ ਅੱਜ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਸਿੱਖਿਆ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇ ਲਈ ਵਿਦੇਸ਼ਾਂ ਵਿੱਚ ਵੀ ਭੇਜਿਆ ਗਿਆ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਹੋਰ ਕਾਰਜ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ 12750 ਕੱਚੇ ਅਧਿਆਪਕ ਪੱਕੇ ਕੀਤੇ ਗਏ ਅਤੇ 20 ਹਜ਼ਾਰ ਨਵੇਂ ਅਧਿਆਪਕਾ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ।‌ ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਹੁਣ ਤੱਕ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੂਰੀ ਦੁਨੀਆਂ ਵਿੱਚ ਹੁਣ ਸਰਕਾਰੀ ਸਕੂਲਾਂ ਦੀਆਂ ਮਿਸਾਲਾਂ ਦਿੱਤੀਆਂ ਜਾਇਆ ਕਰਨਗੀਆਂ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਵੰਡੇ ਜਾ ਰਹੇ ਹਨ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਨਤੀਜੇ ਅੱਜ ਆਮ ਹੀ ਦੇਖਣ ਨੂੰ ਮਿਲ ਸਕਦੇ ਹਨ। ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਪੰਜਾਬ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਗੰਭੀਰ ਹੈ।

ਕੈਬਨਿਟ ਮੰਤਰੀ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਬੱਚਿਆਂ ਦੀਆਂ ਵਰਦੀਆਂ ਅਤੇ ਕਿਤਾਬਾਂ ਵਿਚ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।