ਪੰਜਾਬ ਵਿਜੀਲੈਂਸ ਬਿਊਰੋ ਵੱਲੋ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਨਿਊਜ਼ ਪੰਜਾਬ
ਬਠਿੰਡਾ :23 ਅਪ੍ਰੈਲ 2025
ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੀ ਸੰਗਤ ਮੰਡੀ ਦੇ ਕੋਟਗੁਰੂਕੇ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਬਠਿੰਡਾ ਦੇ ਸੰਗਤ ਕਸਬੇ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਮਾਲ ਵਿਭਾਗ ਦੇ ਅਧਿਕਾਰੀ ਉਸ ਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਦੀ ਬਜਾਏ 10,000 ਰੁਪਏ ਦੀ ਰਿਸ਼ਵਤ ਮੰਗ ਰਹੇ ਸਨ, ਪਰ ਉਸ ਦੇ ਜ਼ੋਰ ਪਾਉਣ ‘ਤੇ ਸੌਦਾ 8,000 ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਟੀਮ ਨੇ ਮੌਕੇ ‘ਤੇ ਦੋਵਾਂ ਮੁਲਜ਼ਮਾਂ ਤੋਂ 2,500-2,500 ਰੁਪਏ ਵੀ ਬਰਾਮਦ ਕੀਤੇ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ।