ਪੰਜਾਬ ਵਿੱਚ ਹਾਈ ਅਲਰਟ ਜਾਰੀ ਹੋਇਆ : ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸੀ ਵਧਾਈ – ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸੁਰੱਖਿਆ ਕਾਰਨਾਂ ਕਰਕੇ ਜੰਮੂ-ਕਸ਼ਮੀਰ ਦੇ ਕਈ ਹਾਈਵੇਅ ਬੰਦ ਕਰ ਦਿੱਤੇ ਗਏ ਹਨ। ਸਰਕਾਰ ਉੱਥੇ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਲਿਆਵੇਗੀ। ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਧਾਰਮਿਕ, ਸੈਰ-ਸਪਾਟਾ ਸਥਾਨਾਂ ਅਤੇ ਜਨਤਕ ਥਾਵਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਤਵਾਦੀ ਹਮਲੇ ਤੋਂ ਬਾਅਦ, ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਪੰਜਾਬ ਨਾਲ ਲੱਗਦੀ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਹੈ। ਸਰਹੱਦੀ ਇਲਾਕਿਆਂ ਵਿੱਚ ਘੁੰਮ ਰਹੇ ਅਣਪਛਾਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਬੀਐਸਐਫ, ਫੌਜ ਅਤੇ ਪੰਜਾਬ ਪੁਲਿਸ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਤਿੰਨ-ਪੱਧਰੀ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ ‘ਤੇ ਮੁੱਖ ਸਕੱਤਰ ਕੇਏਪੀ ਸਿਨਹਾ, ਡੀਜੀਪੀ ਗੌਰਵ ਯਾਦਵ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਖੁਫੀਆ, ਵਿਜੀਲੈਂਸ, ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਹੋਰ ਏਜੰਸੀਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਉਹ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਸੁਰੱਖਿਆ ਕਾਰਨਾਂ ਕਰਕੇ ਜੰਮੂ-ਕਸ਼ਮੀਰ ਦੇ ਕਈ ਹਾਈਵੇਅ ਬੰਦ ਕਰ ਦਿੱਤੇ ਗਏ ਹਨ। ਸਰਕਾਰ ਉੱਥੇ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਲਿਆਵੇਗੀ। ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਧਾਰਮਿਕ, ਸੈਰ-ਸਪਾਟਾ ਸਥਾਨਾਂ ਅਤੇ ਜਨਤਕ ਥਾਵਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਸੂਬੇ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਆਦਿ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਵੱਖ-ਵੱਖ ਪੁਲਿਸ ਦਸਤੇ ਤਿਆਰ ਕੀਤੇ ਗਏ ਹਨ, ਜੋ ਹਰ ਗਤੀਵਿਧੀ ‘ਤੇ ਨਜ਼ਰ ਰੱਖਣਗੇ।