ਪੰਜਾਬ ਵਿੱਚ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸਹੂਲਤ – ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦਾ ਹੋ ਰਿਹਾ ਮੁਫ਼ਤ ਇਲਾਜ਼ – ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਵਲ ਹਸਪਤਾਲ ਖੰਨਾ ਵਿੱਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ – ਉਨ੍ਹਾਂ ਕਿਹਾ ਪੰਜਾਬ ਦੇ ਅੰਦਰ ਸਿੱਖਿਆ ਕ੍ਰਾਂਤੀ ਦੇ ਨਾਲ-ਨਾਲ ਸਿਹਤ ਕ੍ਰਾਂਤੀ ਵੀ ਚੱਲ ਰਹੀ ਹੈ
ਹਰਜੀਤ ਸਿੰਘ ਖਾਲਸਾ / ਨਿਊਜ਼ ਪੰਜਾਬ
ਖੰਨਾ, 26 ਅਪ੍ਰੈਲ – ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸਿਵਲ ਹਸਪਤਾਲ ਖੰਨਾ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਸਿਵਲ ਹਸਪਤਾਲ ਖੰਨਾ ਵਿੱਚ ਸਾਰੇ ਕਾਰਜ ਵਧੀਆ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਦਾ ਅੰਦਰ ਤੋਂ ਰੰਗ ਰੋਗਨ ਦਾ ਕੰਮ ਚੱਲ ਰਿਹਾ ਹੈ ਅਤੇ ਬਾਹਰ ਤੋਂ ਲਗਭਗ ਮੁਕੰਮਲ ਹੋ ਚੁੱਕਾ ਹੈ।
ਉਹਨਾਂ ਕਿਹਾ ਕਿ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਤਿੰਨ ਮਰੀਜ਼ ਅਜਿਹੇ ਮਿਲੇ ਜਿਨ੍ਹਾਂ ਦੇ ਪੱਥਰੀ ਦੇ ਅਪਰੇਸ਼ਨ ਦੂਰਬੀਨ ਨਾਲ ਕੀਤੇ ਗਏ। ਇੱਕ ਭੈਣ ਜਿਸ ਦੀ ਡਿਲੀਵਰੀ ਹੋਈ ਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ 85 ਹਜ਼ਾਰ ਰੁਪਏ ਦਾ ਖਰਚਾ ਦੱਸਿਆ ਸੀ ਪਰ ਇੱਥੇ ਸਿਵਲ ਹਸਪਤਾਲ ਵਿਚ ਸਾਡਾ ਇਕ ਰੁਪਇਆ ਵੀ ਖ਼ਰਚ ਨਹੀਂ ਹੋਇਆ।
ਕੈਬਨਿਟ ਮੰਤਰੀ ਸ੍ਰ. ਸੌਂਦ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਲਗਭਗ ਹਰ ਤਰ੍ਹਾਂ ਦੇ ਟੈਸਟ ਫਰੀ ਕੀਤੇ ਜਾਂਦੇ ਹਨ। ਪੰਜਾਬ ਦੇ ਅੰਦਰ ਸਿੱਖਿਆ ਕ੍ਰਾਂਤੀ ਦੇ ਨਾਲ-ਨਾਲ ਸਿਹਤ ਕ੍ਰਾਂਤੀ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਸਾਰੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ। ਜਿਹੜਾ ਕਿ ਇਹ ਰਾਜ ਸਰਕਾਰ ਦਾ ਇਤਿਹਾਸਕ ਫੈਸਲਾ ਹੈ।
ਇਸ ਮੌਕੇ ਸਿਵਲ ਹਸਪਤਾਲ ਖੰਨਾ ਦੇ ਐਸ.ਐਮ.ਓ. ਡਾ: ਮਨਿੰਦਰ ਸਿੰਘ ਭਸੀਨ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਸ੍ਰੀ ਜਗਤਾਰ ਸਿੰਘ ਗਿੱਲ ਰਤਨਹੇੜੀ, ਮਾਸਟਰ ਅਵਤਾਰ ਸਿੰਘ ਆਮ ਆਦਮੀ ਪਾਰਟੀ ਬਲਾਕ ਪ੍ਰਧਾਨ ਦਿਹਾਤੀ ਖੰਨਾ ਵੀ ਮੋਜ਼ੂਦ ਸਨ
——