ਮੁੱਖ ਖ਼ਬਰਾਂਪੰਜਾਬ

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਨਿਊਜ਼ ਪੰਜਾਬ

30 ਅਪ੍ਰੈਲ 2025

ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਹਲਕੇ ਦੇ ਸੱਤ ਸਕੂਲਾਂ ਵਿੱਚ ਹੋਏ ਲੱਖਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।

ਉਨ੍ਹਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੂਰੜ, ਸਰਕਾਰੀ ਸੀਨੀਅਰ ਸੈਕੰਡਰੀ ਤੇ ਪ੍ਰਾਇਮਰੀ ਸਕੂਲ ਦੁਗਾਲ, ਸਰਕਾਰੀ ਪ੍ਰਾਇਮਰੀ ਸਕੂਲ ਦੁਗਾਲ ਕਲਾ, ਸਰਕਾਰੀ ਪ੍ਰਾਇਮਰੀ ਦੁਗਾਲ ਖ਼ੁਰਦ, ਸਰਕਾਰੀ ਮਿਡਲ ਸਕੂਲ ਚੁਨਾਗਰਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਚੁਨਗਰਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਐਮ ਐਲ ਏ ਕੁਲਵੰਤ ਸਿੰਘ ਬਾਜ਼ੀਗਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ 12000 ਸਰਕਾਰੀ ਸਕੂਲਾਂ ਨੂੰ ਨਿਵੇਕਲੀ ਦਿੱਖ ਦਿੱਤੀ ਜਾ ਰਹੀ ਹੈ।

ਵਿਧਾਇਕ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ ਨਵੇਂ ਕਮਰੇ, ਸਮਾਰਟ ਕਲਾਸ ਰੂਮ, ਚੰਗੇ ਪਖਾਨੇ, ਸਾਫ ਪੀਣ ਵਾਲੇ ਪਾਣੀ ਦੀ ਵਿਵਸਥਾ, ਖੇਡ ਦੇ ਮੈਦਾਨ ਆਦਿ ਦੇਖਦੇ ਹਨ ਤਾਂ ਉਸ ਮੌਕੇ ਉਥੇ ਪੜ ਰਹੇ ਬੱਚਿਆਂ ਦੇ ਚਿਹਰਿਆਂ ਤੇ ਆਈ ਮੁਸਕਾਨ ਹੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਸਭ ਤੋਂ ਵੱਡਾ ਧੰਨਵਾਦ ਹੁੰਦਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣਾ ਹੈ। ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਮੌਜੂਦ ਸਨ।