ਮੁੱਖ ਖ਼ਬਰਾਂਪੰਜਾਬ

ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਦੇ ਖੁਰਾਕ ਮੰਤਰੀ ਵੱਲੋਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਪਹੁੰਚ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਉਠਾਇਆ

ਹਰਜੀਤ ਸਿੰਘ ਖ਼ਾਲਸਾ / ਨਿਊਜ਼ ਪੰਜਾਬ

ਖੰਨਾ (ਲੁਧਿਆਣਾ), 2 ਮਈ – ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅਤੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਾਂਝੇ ਤੌਰ ‘ਤੇ ਸ਼ੁੱਕਰਵਾਰ ਨੂੰ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ ਹੈ।

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਪੰਜਾਬ ਵਿੱਚ ਕਣਕ ਦੀ ਖ੍ਰੀਦ ਨਾਲ ਜੁੜੇ ਆੜਤੀਏ ਅਤੇ ਮਜ਼ਦੂਰਾਂ ਦੀਆਂ ਮੰਗ ਰੱਖਦਿਆ ਕਿਹਾ ਕਿ ਆੜ੍ਹਤੀਆਂ ਦੀ ਫੀਸ ਵਧਾਈ ਜਾਵੇ ਕਿਉਂਕਿ ਮਹਿੰਗਾਈ ਵਧੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਰਾਜ ਮੰਤਰੀ ਅੱਗੇ ਪੂਰੇ ਪੰਜਾਬ ਵਿਚ ਸਟੋਰੇਜ ਸਪੇਸ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਅਸੀਂ ਸਾਰਾ ਅਨਾਜ਼ ਕੇਂਦਰੀ ਪੂਲ ਲਈ ਖ੍ਰੀਦ ਕਰਦੇ ਹਾਂ। ਇਸ ਲਈ ਅਨਾਜ ਰੱਖਣ ਲਈ ਵੱਧ ਤੋਂ ਵੱਧ ਸਟੋਰੇਜ ਸਪੇਸ ਵਧਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰੀ ਪੱਧਰ ਦੇ ਕੁਝ ਹੋਰ ਮਸਲੇ ਵੀ ਕੇਂਦਰੀ ਰਾਜ ਮੰਤਰੀ ਅੱਗੇ ਰੱਖੇ ਅਤੇ ਉਨ੍ਹਾਂ ਨੂੰ ਵੀ ਨਿਪਟਾਉਣ ਲਈ ਬੇਨਤੀ ਕੀਤੀ।

ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਕਿਹਾ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੋ ਵੀ ਮੰਗਾਂ ਅਤੇ ਮੁੱਦੇ ਉਨ੍ਹਾਂ ਕੋਲ ਰੱਖੇ ਗਏ ਹਨ ਉਨ੍ਹਾਂ ਮੰਗਾਂ ਅਤੇ ਮੁੱਦਿਆਂ ਨੂੰ ਸਕਾਰਾਤਮਿਕ ਸੋਚ ਰੱਖ ਕੇ ਪੂਰਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 116 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 114 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 23 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 99 ਫੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਸੋ ਕਿਸਾਨ ਖੁਸ਼ੀ-ਖੁਸ਼ੀ ਮੰਡੀ ਵਿੱਚੋਂ ਵਾਪਸ ਗਿਆ ਹੈ।

ਕੇਂਦਰੀ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਹਨ। ਜਿਸ ਵਿੱਚ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਕੁੱਲ 2885 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 1864 ਨਿਯਮਤ ਕੀਤੇ ਗਏ ਹਨ ਜਦੋਂ ਕਿ 1021 ਅਸਥਾਈ ਹਨ। ਕੇਂਦਰੀ ਰਾਜ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਝਾੜ ਬਹੁਤ ਜ਼ਿਆਦਾ ਰਿਹਾ ਹੈ ਜਿਸ ਕਾਰਨ ਪੰਜਾਬ ਵਿੱਚ ਬੰਪਰ ਫ਼ਸਲ ਹੋਈ ਹੈ। ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਪ੍ਰਤੀ ਸਾਲ 120 ਲੱਖ ਮੀਟ੍ਰਿਕ ਟਨ ਕਣਕ ਐਫ.ਸੀ.ਆਈ ਨੂੰ ਕੇਂਦਰੀ ਭੰਡਾਰ ਲਈ ਦਿੰਦਾ ਹੈ ਜਿਸ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਨੂੰ ਪੂਰਾ ਕੀਤਾ ਜਾਂਦਾ ਹੈ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਖੰਨਾ ਮੰਡੀ ਵਿੱਚ ਪੁੱਜੇ, ਜਿੱਥੇ ਉਹਨਾਂ ਨੇ ਕਣਕ ਦੀ ਆਮਦ, ਕਣਕ ਦੀ ਖਰੀਦ, ਕਿਸਾਨਾਂ ਅਤੇ ਆੜਤੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਮਾਲ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ।

ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੂੰ ਦਫਤਰ ਮਾਰਕੀਟ ਕਮੇਟੀ ਖੰਨਾ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਖੰਨਾ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

ਇਸ ਮੌਕੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਜੁਆਇੰਟ ਸਕੱਤਰ ਸੀ. ਸ਼ਿਖਾ, ਕੇਂਦਰੀ ਰਾਜ ਮੰਤਰੀ ਦੇ ਨਿੱਜੀ ਸਕੱਤਰ ਮੈਡਮ ਜਾਗ੍ਰਿਤੀ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ) ਦੇ ਜਰਨਲ ਮੈਨੇਜਰ (ਜੀ.ਐਮ) ਬੀ. ਸ਼੍ਰੀਨਿਵਾਸਨ, ਫੂਡ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪਨਸਪ ਦੇ ਐਮ.ਡੀ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀਮਤੀ ਸ਼ਿਖਾ ਭਗਤ, ਉਪ ਮੰਡਲ ਮੈਜਿਸਟੇ੍ਰਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ, ਜ਼ਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ, ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਹਰਬੰਸ ਸਿੰਘ ਰੋਸ਼ਾ, ਪ੍ਰਧਾਨ ਸ਼ੈਲਰ ਐਸੋਸੀਏਸ਼ਨ ਖੰਨਾ ਗੁਰਦਿਆਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।