“ਆਪ੍ਰੇਸ਼ਨ ਸਿੰਦੂਰ” ਮੁੱਦੇ ‘ਤੇ ਅੱਜ ਹੋਵੇਗੀ ਆਲ ਪਾਰਟੀ ਮੀਟਿੰਗ
ਨਿਊਜ਼ ਪੰਜਾਬ
ਨਵੀਂ ਦਿੱਲੀ,8 ਮਈ 2025
ਭਾਰਤੀ ਫੌਜ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਸਿਰਫ਼ 25 ਮਿੰਟਾਂ ਵਿੱਚ ਇਕ ਨਿਸ਼ਾਨੇਬੰਦ ਹਮਲਾ ਕਰਕੇ ਲਸ਼ਕਰ-ਏ-ਤਾਇਬਾ ਅਤੇ ਜੈਸ਼-ਏ-ਮੁਹੰਮਦ ਵਰਗੀਆਂ ਅੱਤਵਾਦੀ ਸੰਗਠਨਾਂ ਦੇ ਮੁੱਖ ਦਫ਼ਤਰਾਂ ਸਮੇਤ ਕੁੱਲ ਨੌਂ ਅੱਤਵਾਦੀ ਸਿਖਲਾਈ ਕੇਂਦਰ ਤਬਾਹ ਕਰ ਦਿੱਤੇ। ਇਸ ਕਾਰਵਾਈ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਅੱਜ ਸਵੇਰੇ 11 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ, ਜਦਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਵੀ ਮੀਟਿੰਗ ਵਿੱਚ ਸ਼ਾਮਿਲ ਹੋਣਗੇ। ਇਸ ਮੀਟਿੰਗ ਦੌਰਾਨ, ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਨ੍ਹਾਂ ਹਮਲਿਆਂ ਦੀ ਪਿੱਛੋਕੜ, ਜਵਾਬੀ ਕਾਰਵਾਈ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ।