ਤਰਨਤਾਰਨਮੁੱਖ ਖ਼ਬਰਾਂਪੰਜਾਬ

ਤਰਨ ਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼,5 ਕਿਲੋ ਹੈਰੋਇਨ, 7 ਪਿਸਤੌਲ, 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਨਿਊਜ਼ ਪੰਜਾਬ

ਤਰਨ ਤਾਰਨ, 9 ਮਈ, 2025

ਪੰਜਾਬ ਦੇ CM ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨ ਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਜਿਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਫਤਿਹ ਚੱਕ ਦੇ ਰਹਿਣ ਵਾਲੇ ਹਨ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, ਸੱਤ ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ – ਜਿਸ ਵਿੱਚ ਚਾਰ .30 ਬੋਰ ਬ੍ਰੇਟਾ, ਦੋ ਪੀਐਕਸ5 ਅਤੇ ਇੱਕ .30 ਬੋਰ ਸਟਾਰ ਮਾਰਕ ਸ਼ਾਮਲ ਹਨ; 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ, ਇਸ ਤੋਂ ਇਲਾਵਾ ਉਨ੍ਹਾਂ ਦੀ ਹੈਚਬੈਕ ਹੁੰਡਈ ਆਈ20 ਕਾਰ ਨੂੰ ਜ਼ਬਤ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਪਾਕਿਸਤਾਨ ਸਥਿਤ ਤਸਕਰਾਂ ਅਤੇ ਉਸਦੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਸਰਹੱਦ ਪਾਰ ਤੋਂ ਡਰੋਨ ਦੀ ਮਦਦ ਨਾਲ ਖੇਪਾਂ ਸੁੱਟੀਆਂ ਜਾ ਰਹੀਆਂ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।