ਨਿਊਜ਼ ਪੰਜਾਬ
16 ਮਈ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ।
ਅੱਜ ਇੱਥੇ ਇੱਕ ਸਮਾਗਮ ਵਿੱਚ, ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ `ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ।
ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਪਿੰਡ ਨੇ ਪੁਲਿਸ ਨੂੰ ਪੂਰਾ ਸਮਰਥਨ ਦੇਣ ਤੋਂ ਬਾਅਦ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਇਸਨੂੰ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ ਇਰਾਦਾ ਕਰ ਲਿਆ ਹੈ ਤਾਂ ਸਾਨੂੰ ਇਸ ਨੇਕ ਕਾਰਜ ਤੋਂ ਕੋਈ ਨਹੀਂ ਰੋਕ ਸਕਦਾ।
