ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਜੰਗ ’ਚ ਇੱਕਜੁੱਟ ਹੋਣ ਦਾ ਸੱਦਾ
ਨਿਊਜ਼ ਪੰਜਾਬ
17 ਮਈ 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਜੰਗ ’ਚ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ।
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਪਿੰਡ ਚਿੜਵਾ ਤੇ ਚਿੜਵੀ ’ਚ ਪੁੱਜੀ ਨਸ਼ਾ ਮੁਕਤੀ ਯਾਤਰਾ ’ਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਨਸ਼ਿਆਂ ਖਿਲਾਫ਼ ਛੇੜੀ ਜੰਗ ’ਚ ਸਾਥ ਦੇਣ ਦਾ ਅਹਿਦ ਲਿਆ ਗਿਆ। ਇਸ ਮੌਕੇ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਤੇ ਸਿਮਰਨਜੀਤ ਕੌਰ ਵੀ ਮੌਜੂਦ ਰਹੇ
ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਸੁਨੇਹੇ ’ਚ ਕਿਹਾ ਕਿ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਨਸ਼ਿਆਂ ਖ਼ਿਲਾਫ਼ ਇਸ ਲੜਾਈ ਨੂੰ ਅੰਜਾਮ ਤੱਕ ਲਿਜਾਣਾ ਬਹੁਤ ਜ਼ਰੂਰੀ ਹੈ ਤੇ ਇਹ ਸਭ ਕੁਝ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੇ ਇਲਾਜ ਸਮੇਤ ਉਨ੍ਹਾਂ ਦੇ ਮੁੜ ਵਸੇਬੇ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਹ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ।
ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਪਿੰਡ ਪੱਧਰ ’ਤੇ ਖੇਡ ਮੈਦਾਨ ਬਣਾਏ ਗਏ ਹਨ ਤਾਂ ਜੋ ਉਹ ਖੇਡਾਂ ਰਾਹੀਂ ਆਪਣਾ ਤੇ ਆਪਣੇ ਸੂਬੇ ਦਾ ਨਾਮ ਚਮਕਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਰ ਵਿੱਚ ਇਕ ਵਿਅਕਤੀ ਵੀ ਨਸ਼ਾ ਕਰਦਾ ਹੈ ਤਾਂ ਉਹ ਘਰ ਆਰਥਿਕ ਤੌਰ ’ਤੇ ਤਾਂ ਕਮਜ਼ੋਰ ਹੁੰਦਾ ਹੀ ਹੈ ਸਗੋਂ ਸਮਾਜਿਕ ਪੱਧਰ ’ਤੇ ਵੀ ਪਰਿਵਾਰ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਦਾ ਹੈ, ਇਸ ਲਈ ਜ਼ਰੂਰੀ ਹੈ ਕਿ ਇਸ ਬੁਰਾਈ ਨੂੰ ਜੜ੍ਹ ਤੋਂ ਹੀ ਖ਼ਤਮ ਕੀਤਾ ਜਾਵੇ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਨਸ਼ਾ ਵੇਚਣ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਬਲਜੀਤ ਸਿੰਘ ਝੂੰਗੀਆ, ਗੁਰਪ੍ਰੀਤ ਸਿੰਘ ਗੁਰੀ, ਗੁਰਚਰਨ ਸਿੰਘ, ਵਰਿੰਦਰ ਸਿੰਘ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਵੀ ਮੌਜੂਦ ਸਨ।