“ਯੁੱਧ ਨਸ਼ਿਆਂ ਵਿਰੁੱਧ” : ਨਸ਼ਾ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ – ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
*ਵਿਲੇਜ ਡਿਫੈਂਸ ਕਮੇਟੀਆਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਜਿੰਮੇਵਾਰੀ ਨਿਭਾਅ ਰਹੀਆਂ ਹਨ :- ਤਰੁਨਪ੍ਰੀਤ ਸਿੰਘ ਸੌਂਦ*
*ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਖੰਨਾ ਦੇ ਪਿੰਡ ਇਸ਼ਨਪੁਰ, ਹੋਲ ਅਤੇ ਬੌਪੁਰ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ ਕੀਤਾ।
ਹਰਜੀਤ ਸਿੰਘ ਖ਼ਾਲਸਾ
ਖੰਨਾ, 18 ਮਈ – ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਿੱਚ ਸ਼ਨੀਵਾਰ ਨੂੰ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਖੰਨਾ ਦੇ ਪਿੰਡ ਇਸ਼ਨਪੁਰ, ਹੋਲ ਅਤੇ ਬੌਪੁਰ ਵਿੱਚ ਪਹੁੰਚ ਕੇ ਪਿੰਡ ਪੱਧਰ ਅਤੇ ਵਾਰਡ ਪੱਧਰ ਦੀਆਂ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵੱਡੀ ਗਿਣਤੀ ਪਹੁੰਚੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ ਤੇ ਰਾਜ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲਿਜਾ ਕੇ ਪੰਜਾਬ ਨੂੰ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣੇਗਾ। ਉਨ੍ਹਾਂ ਪੇਂਡੂ ਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ਵਿੱਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ।
ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਗੀ ਅਤੇ ਇਕਜੁਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਸਰਪੰਚ ਅਤੇ ਹੋਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜੋ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਅ ਰਹੀਆਂ ਹਨ।
ਸ੍ਰ. ਸੌਂਦ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰੇਗੀ ਤੇ ਉਨ੍ਹਾਂ ਦੀਆਂ ਗੈਰ ਕਾਨੂੰਨੀ ਜਾਇਦਾਦਾਂ ਨੂੰ ਜਬਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਪਹਿਰੇਦਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣਗੇ।
ਕੈਬਨਿਟ ਮੰਤਰੀ ਸੌਂਦ ਵੱਲੋਂ ਇਹਨਾਂ ਜਾਗਰੂਕਤਾਂ ਸਮਾਗਮਾਂ ਦੌਰਾਨ ਪਿੰਡ ਇਸ਼ਨਪੁਰ, ਹੋਲ ਅਤੇ ਬੌਪੁਰ ਦੇ ਪੰਚ, ਸਰਪੰਚ, ਡਿਫੈਂਸ ਕਮੇਟੀਆਂ ਸਮੇਤ ਪਹੁੰਚੀਆਂ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਨੂੰ ਪਿੰਡਾਂ, ਵਾਰਡਾਂ ਦਾ ਪਹਿਰੇਦਾਰ ਬਣਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਦਿਵਾਇਆ। ਇਹਨਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਨਸ਼ਿਆਂ ਖਿਲਾਫ ਆਵਾਜ ਬੁਲੰਦ ਕੀਤੀ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਪਰਮਪ੍ਰੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਹਾਤੀ ਮਾਸਟਰ ਅਵਤਾਰ ਸਿੰਘ, ਅਮਰਿੰਦਰ ਸਿੰਘ ਚਾਹਲ,ਕੀਮਤੀ ਜੈ ਸਿੰਘ,ਪੁਲਿਸ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।