ਮੁੱਖ ਖ਼ਬਰਾਂਪੰਜਾਬ

ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਸ਼ਿਆਂ ਵਿਰੁੱਧ ਲੜਾਈ ‘ਚ ਲੋਕਾਂ ਦਾ ਸਹਿਯੋਗ ਮੰਗਿਆ

ਨਿਊਜ਼ ਪੰਜਾਬ

ਪਟਿਆਲਾ, 19 ਮਈ 2025

ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਕੇ ਸੂਬੇ ਚੋਂ ਨਸ਼ਿਆਂ ਦਾ ਪੂਰਨ ਤੌਰ ‘ਤੇ ਸਫ਼ਾਇਆ ਕਰੇਗੀ। ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਦੇ ਗਾਂਧੀ ਨਗਰ ਵਾਰਡ ਨੰਬਰ 49, ਲਾਹੌਰੀ ਗੇਟ ਵਾਰਡ ਨੰਬਰ 48 ਤੇ ਮੁਹੱਲਾ ਦਾਰੂ ਕੁੱਟੀਆ ਵਾਰਡ ਨੰਬਰ 37 ਦੇ ਵਸਨੀਕਾਂ ਨਾਲ ਨਸ਼ਾ ਮੁਕਤੀ ਯਾਤਰਾ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ‘ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਿਰਕਤ ਕਰ ਰਹੀਆਂ ਹਨ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੇ ਵੱਡੇ ਪੱਧਰ ‘ਤੇ ਅੱਗੇ ਆਉਣਗੀਆਂ ਤਾਂ ਬਹੁਤ ਜਲਦੀ ਇਸ ਖ਼ਤਰੇ ਦਾ ਸਫ਼ਾਇਆ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ ਅਤੇ ਇਹੀ ਸੰਕਲਪ ਇਸ ਅਹਿਮ ਲੜਾਈ ਵਿੱਚ ਜਿੱਤ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਲਕਾ ਕੁਆਰਡੀਨੇਟਰ ਦਵਿੰਦਰ ਪਾਲ ਸਿੰਘ ਮਿੱਕੀ, ਵਾਰਡ ਨੰਬਰ 49 ਕੌਸਲਰ ਨੇਹਾ ਸਿੱਧੂ, ਵਾਰਡ ਨੰਬਰ 48 ਦੇ ਕੌਸਲਰ ਰਾਜੂ ਸਾਹਨੀ ਤੇ ਵਾਰਡ ਨੰਬਰ 37 ਦੇ ਕੌਸਲਰ ਰੇਨੂੰ ਬਾਲਾ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

ਫੋਟੋ : ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਸੰਬੋਧਨ ਕਰਦੇ ਹੋਏ।