ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜਰੀ ਵਿੱਚ ਵਾਰਡ ਵਾਸੀਆਂ ਨੇ ਨਸ਼ਿਆਂ ਨੂੰ ਖਤਮ ਕਰਨ ਦਾ ਲਿਆ ਪ੍ਰਣ
ਨਿਊਜ਼ ਪੰਜਾਬ
ਮੋਗਾ, 19 ਮਈ 2025
ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ ਵਿਠੱਚ ਚਲਾਈ ਜਾ ਰਹੀ ਹੈ ਤਹਿਤ ਹਰੇਕ ਪਿੰਡ ਤੇ ਵਾਰਡ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀ ਹਨ ਅਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਪ੍ਰਣ ਵੀ ਦਿਵਾਇਆ ਜਾ ਰਿਹਾ ਹੈ।
ਅੱਜ ਵਾਰਡ ਨੰਬਰ 16, 17, 18 ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ. ਬਲਜੀਤ ਸਿੰਘ ਚਾਨੀ, ਕੌਂਸਲਰ ਵਿਜੇ ਭੂਸ਼ਨ, ਕੁਲਦੀਪ ਕੌਰ, ਭਾਰਤ ਭੂਸ਼ਨ ਤੇ ਹੋਰ ਵੀ ਮੋਹਤਬਰ ਵਿਅਕਤੀ ਹਾਜਰ ਸਨ।
ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਸਖਤ ਫੈਸਲਿਆਂ ਸਦਕਾ ਹੁਣ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਦੇ ਬਹੁਤੇ ਵਪਾਰੀ ਛੱਡ ਕੇ ਚਲੇ ਗਏ ਹਨ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਇਸ ਮੌਕੇ ‘ਤੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਹੁਣ 20 ਮਈ ਨੂੰ ਵਾਰਡ ਨੰਬਰ 19, 20, 21 ਦੇ ਵਾਸੀ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪ੍ਰਣ ਲੈਣਗੇ।