ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਸ਼ਹਿਰ’ਚ ਮਿਲ ਰਿਹਾ ਭਰਵਾਂ ਹੁੰਗਾਰਾ
ਨਿਊਜ਼ ਪੰਜਾਬ
ਪਟਿਆਲਾ, 27 ਮਈ 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਪੂਰਨ ਖਾਤਮੇ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਸ਼ਹਿਰ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਅੱਜ ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 45, 39 ਤੇ 43 ਦੇ ਵਸਨੀਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਨ ਪੁੱਜੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਨਸ਼ਿਆਂ ਦੇ ਇਸ ਕੋਹੜ ਦਾ ਖਾਤਮਾ ਕਰੇਗੀ।
ਇਸ ਮੌਕੇ ਵਾਰਡਾਂ ’ਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁਹੱਲੇ ’ਚ ਨਸ਼ਾ ਵੇਚਣ ਵਾਲਿਆਂ ’ਤੇ ਅਤੇ ਨਸ਼ਾ ਕਰਨ ਵਾਲਿਆਂ ਸਬੰਧੀ ਜਾਣਕਾਰੀ ਇਕਤਰ ਕਰਨ ਲਈ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਸਬੰਧੀ ਛੋਟੀ ਤੋਂ ਛੋਟੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝਾ ਕਰਨਗੀਆਂ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਜੇਲਾਂ ਵਿੱਚ ਅਤੇ ਨਸ਼ਾ ਕਰਨ ਵਾਲਿਆਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਕੇ ਸਮਾਜ ਦੀ ਮੁਖਧਾਰਾ ਵਿੱਚ ਸ਼ਾਮਲ ਕੀਤਾ ਜਾਵੇਗਾ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਵਟਸਐਪ ਨੰਬਰ 97791-00200 ’ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਅਮਿਤ ਡਾਬੀ, ਵਿਨੋਦ ਸਿੰਗਲਾ ਤੇ ਜੋਨੀ ਕੋਹਲੀ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।