ਚੋਣ ਕਮਿਸ਼ਨ ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਯੋਗ ਅਧਿਕਾਰੀਆਂ ਦੇ ਪੈਨਲ ਮੰਗਿਆ – ਮੁੱਖ ਚੋਣ ਅਧਿਕਾਰੀ ਨੇ ਕਿਹਾ ਰੁਟੀਨ ਚੌਣ ਪ੍ਰਕਿਰਿਆ
ਨਿਊਜ਼ ਪੰਜਾਬ
ਚੰਡੀਗੜ੍ਹ , 29 ਮਈ – ਚੋਣ ਕਮਿਸ਼ਨ ਨੇ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦੇ ਅਹੁਦੇ ਲਈ ਵਿਚਾਰ ਕਰਨ ਵਾਸਤੇ ਤਿੰਨ ਯੋਗ ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਸਕੱਤਰ ਨੂੰ ਭੇਜੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਪੈਨਲ ਵਿੱਚ ਨਿਰਧਾਰਤ ਨਿਯਮਾਂ ਅਨੁਸਾਰ ਅਧਿਕਾਰੀ ਸ਼ਾਮਲ ਕੀਤੇ ਜਾਣ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸੀ ਸਿਬਿਨ ਨੇ ਕਿਹਾ ਕਿ ਇਹ ਚੋਣਾਂ ਤੋਂ ਪਹਿਲਾਂ ਇੱਕ ਰੁਟੀਨ ਪ੍ਰਕਿਰਿਆ ਹੈ। ਉਨ੍ਹਾਂ ਕਿਹਾ, “ਅਜਿਹਾ ਇਸ ਲਈ ਕੀਤਾ ਜਾਂਦਾ ਹੈ, ਕਿ (ਚੋਣ ਅਮਲ ਦੌਰਾਨ) ਜੇ ਕਦੇ ਭਾਰਤ ਦਾ ਚੋਣ ਕਮਿਸ਼ਨ ਕਿਸੇ ਵੀ ਅਧਿਕਾਰੀ ਨੂੰ ਬਦਲਣਾ ਚਾਹੁੰਦਾ ਹੋਵੇ ਤਾਂ ਉਸ ਮਕਸਦ ਲਈ ਉਪਲਬਧ ਅਧਿਕਾਰੀਆਂ ਦੀ ਸੂਚੀ ਉਸ ਕੋਲ ਪਹਿਲਾਂ ਹੀ ਤਿਆਰ ਹੋਵੇ।”