ਫਿਰੋਜ਼ਪੁਰ ਪੁਲਿਸ ਦੀ ਨਸ਼ਿਆਂ ਵਿਰੁੱਧ ਕਾਰਵਾਈ, 10 ਕਰੋੜ ਦੀ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਮੇਤ 3 ਤਸਕਰ ਗ੍ਰਿਫਤਾਰ
ਨਿਊਜ਼ ਪੰਜਾਬ
ਫਿਰੋਜ਼ਪੁਰ ,1 ਜੂਨ 2025
ਫਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ 10 ਕਰੋੜ ਰੁਪਏ ਮੁੱਲ ਦੀ ਹੈਰੋਇਨ, 8 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਅਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਿਕ, ਇਹ ਤਸਕਰ ਸਰਹੱਦ ਪਾਰ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਨਸ਼ਾ ਸਪਲਾਈ ਕਰ ਰਹੇ ਸਨ। ਕਾਬੂ ਕੀਤੇ ਗਏ ਤਸਕਰਾਂ ਕੋਲੋਂ ਇੱਕ ਸਵਿਫਟ ਕਾਰ ਵੀ ਬਰਾਮਦ ਹੋਈ ਹੈ ਜੋ ਕਿ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ। ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਇਹਨਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਜ਼ੋਰਦਾਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੇ ਮੁਹਿੰਮ ਦੇ ਤਹਿਤ ਕਈ ਟੀਮਾਂ ਗੁਪਤ ਸੂਚਨਾ ਤੇ ਛਾਪੇਮਾਰੀ ਕਰਦੀਆਂ ਰਹੀਆਂ ਹਨ।
ਇਸ ਮੁਹਿੰਮ ਵਿੱਚ ਖਾਸ ਕਰਕੇ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਇੱਕ ਕਿਲੋ 62 ਗ੍ਰਾਮ ਹੈਰੋਇਨ ਅਤੇ 1.7 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕੀਤਾ ਗਿਆ, ਜਦਕਿ ਕਿਲਚੇ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਕੋਲੋਂ ਇੱਕ ਕਿਲੋ 102 ਗ੍ਰਾਮ ਹੈਰੋਇਨ ਬਰਾਮਦ ਹੋਈ। ਇਨ੍ਹਾਂ ਨਸ਼ਾ ਤਸਕਰਾਂ ਨੇ ਸਰਹੱਦ ਪਾਰ ਤੋਂ ਹੈਰੋਇਨ ਮੰਗਵਾਈ ਅਤੇ ਫਿਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਤਰਨਤਾਰਨ ਦੇ ਰਹਿਣ ਵਾਲੇ ਇੱਕ ਹੋਰ ਨਸ਼ਾ ਤਸਕਰ ਨੂੰ ਵੀ 360 ਨਸ਼ੀਲੀਆਂ ਗੋਲੀਆਂ, 7 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਸਵਿਫਟ ਕਾਰ ਸਣੇ ਫਿਰੋਜ਼ਪੁਰ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖਿਲਾਫ਼ ਥਾਣਾ ਸਦਰ ਜ਼ੀਰਾ ਵਿੱਚ ਐਨਡੀਪੀਸੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਪੁਲਿਸ ਰਿਮਾਂਡ ਤੇ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਨਸ਼ੇ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।