ਨਾੜ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ‘ਚ ਹੋਵੇਗੀ ਲਾਲ ਪੈੱਨ ਨਾਲ ਐਂਟਰੀ –

-ਨੋਵੇਲ ਕੋਰੋਨਾ ਵਾਇਰਸ ਦੇ ਚੱਲਦਿਆਂ ਨਾੜ ਨੂੰ ਅੱਗ ਲਗਾਉਣਾ ਸਿਹਤ ਲਈ ਵੀ ਖ਼ਤਰਨਾਕ

ਨਿਊਜ਼ ਪੰਜਾਬ

ਲੁਧਿਆਣਾ, 18 ਮਈ -ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰਾਪਤ ਹਦਾਇਤਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਇਸ ਵਾਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਪੈੱਨ ਨਾਲ ਐਂਟਰੀ ਦਰਜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਬੋਰਡ ਵੱਲੋਂ ਇੱਕ ਕਿਸਾਨ ਦੇ ਮਾਲ ਰਿਕਾਰਡ ਵਿੱਚ ਅਜਿਹੀ ਐਂਟਰੀ ਕਰਵਾਈ ਵੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਨਾੜ ਸਾੜਨ ਵਾਲਿਆਂ ਨੂੰ ਬੋਰਡ ਵੱਲੋਂ 45 ਮਾਮਲਿਆਂ ਵਿੱਚ 1 ਲੱਖ 55 ਹਜ਼ਾਰ ਰੁਪਏ ਦੇ ਜ਼ੁਰਮਾਨੇ ਵੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਹੁਤ ਹੀ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਜੋ ਵੀ ਕਿਸਾਨ ਇਸ ਵਾਰ ਨਾੜ ਸਾੜੇਗਾ, ਉਸ ਦੇ ਮਾਲ ਗਿਰਦਾਵਰੀ ਰਿਕਾਰਡ ਵਿੱਚ ਲਾਲ ਪੈੱਨ ਨਾਲ ਐਂਟਰੀ ਕਰਨ ਸੰੰਬੰਧੀ ਸਮੂਹ ਹਲਕਾ ਪਟਵਾਰੀਆਂ ਨੂੰ ਬਣਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪਟਵਾਰੀ ਵੱਲੋਂ ‘ਝੋਨਾ ਸਾੜਿਆ’ ਸ਼ਬਦ ਦਰਜ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਬਾਰੇ ਭਵਿੱਖ ਵਿੱਚ ਵੀ ਪਤਾ ਲੱਗਦਾ ਰਹੇ। ਅਜਿਹੇ ਕਿਸਾਨਾਂ ਨੂੰ ਭਵਿੱਖ ਵਿੱਚ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਵੱਡਾ ਅੜਿੱਕਾ ਲੱਗੇਗਾ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨਿਗਰਾਨ ਇੰਜੀਨੀਅਰ ਸ੍ਰੀ ਸੰਦੀਪ ਬਹਿਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ 16 ਮਈ, 2020 ਤੱਕ ਨਾੜ ਸਾੜਨ ਦੇ 178 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਬਾਰੇ ਸਬ ਡਵੀਜ਼ਨਲ ਟੀਮਾਂ ਵੱਲੋਂ ਤੁਰੰਤ ਜਾ ਕੇ ਮੌਕਾ ਦੇਖਿਆ ਜਾ ਰਿਹਾ ਹੈ। ਇਨ੍ਹਾਂ ਮਾਮਲਿਆਂ ਵਿੱਚ 60 ਉਹ ਮਾਮਲੇ ਸਨ, ਜਿੱਥੇ ਨਾੜ ਨੂੰ ਅੱਗ ਨਾ ਲੱਗੀ ਪਾਈ ਗਈ। ਇਸੇ ਤਰ੍ਹਾਂ 10 ਮਾਮਲਿਆਂ ਵਿੱਚ ਅੱਗ ਅਚਾਨਕ ਕਿਸੇ ਹੋਰ ਕਾਰਨ ਲੱਗੀ ਪਾਈ ਗਈ। ਇੱਕ ਕਿਸਾਨ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 188 ਤਹਿਤ ਪਰਚਾ ਵੀ ਦਰਜ ਕੀਤਾ ਗਿਆ ਹੈ।
ਸ੍ਰੀ ਅਗਰਵਾਲ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਕਣਕ ਦੇ ਨਾੜ ਨੂੰ ਸਾੜਨ ਨਾ ਕਿਉਂਕਿ ਨਾੜ ਸਾੜਨ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਹੁੰਦਾ ਹੈ, ਉਥੇ ਹੀ ਇਸ ਨਾਲ ਵਾਤਾਵਰਨ ਨੂੰ ਵੀ ਭਾਰੀ ਨੁਕਸਾਨ ਹੁੰਦਾ ਹੈ। ਮੌਜੂਦਾ ਸਮੇਂ ਨੋਵੇਲ ਕੋਰੋਨਾ ਵਾਇਰਸ ਦੇ ਚੱਲਦਿਆਂ ਨਾੜ ਨੂੰ ਅੱਗ ਲਗਾਉਣ ਨਾਲ ਆਮ ਲੋਕਾਂ ਨੂੰ ਵੀ ਸਾਹ ਜਾਂ ਫੇਫੜਿਆਂ ਦੀ ਬਿਮਾਰੀ ਲੱਗ ਸਕਦੀ ਹੈ, ਜਿਸ ਨਾਲ ਅਜਿਹੇ ਵਿਅਕਤੀਆਂ ਕੋਵਿੰਡ 19 ਵਰਗੀ ਭਿਆਨਕ ਬਿਮਾਰੀ ਦੀ ਗ੍ਰਿਫ਼ਤ ਵਿੱਚ ਆਉਣ ਦਾ ਵੀ ਜਿਆਦਾ ਡਰ ਪੈਦਾ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਹਨ ਅਤੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਉਹ ਸੰਬੰਧਤ ਅਧਿਕਾਰੀਆਂ ਨੂੰ ਇਸ ਦੀ ਖ਼ਬਰ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।