ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆ ਸੈਨੀਟੇਸ਼ਨ ਇੰਸਪੈਕਟਰ ਨੂੰ ਰੰਗੇ ਹੱਥੀ ਕੀਤਾ ਕਾਬੂ
ਨਿਊਜ਼ ਪੰਜਾਬ
ਚੰਡੀਗੜ੍ਹ, 16 ਜੂਨ, 2025
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਨਗਰ ਕੌਂਸਲ, ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸੈਨੀਟੇਸ਼ਨ ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਦੁਆਰਾ ਕੀਤੇ ਗਏ ਸਫਾਈ ਕੰਮਾਂ ਨਾਲ ਸਬੰਧਤ ਬਿੱਲਾਂ ਨੂੰ ਪਾਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 15000 ਰੁਪਏ ਵਿੱਚ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ ਗਿਆ।ਇਸ ਸਬੰਧ ਵਿੱਚ ਨਗਰ ਨਿਗਮ ਦੇ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਫਿਰੋਜ਼ਪੁਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।