ਜ਼ਿਲ੍ਹਾ ਲੁਧਿਆਣਾ ਦੇ 2.47 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਦਾ ਕੰਮ ਮੁਕੰਮਲ-ਸੁਖਵਿੰਦਰ ਸਿੰਘ ਗਿੱਲ
ਨੋਵੇਲ ਕੋਰੋਨਾ ਵਾਇਰਸ (ਕੋਵਿਡ 19)-
ਹੋਰਾਂ ਵਿਭਾਗਾਂ ਦੀ ਤਰ੍ਹਾਂ ਫਰੰਟਲਾਈਨ ‘ਤੇ ਲੜ੍ਹ ਰਿਹੈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ
-ਲੋੜਵੰਦਾਂ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਵੀ ਵੰਡੀਆਂ 4 ਲੱਖ ਤੋਂ ਵਧੇਰੇ ਰਾਸ਼ਨ ਕਿੱਟਾਂ
-ਵਿਭਾਗੀ ਹੁਕਮਾਂ ਤਹਿਤ ਵੰਡ ਨਾ ਕਰਨ ਵਾਲੇ 16 ਡਿਪੂਆਂ ਦੀ ਸਪਲਾਈ ਮੁਅੱਤਲ
-ਪਿਛਲੇ ਸਾਲ ਦੇ 7.93 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ ਇਸ ਸਾਲ 8.70 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ
ਨਿਊਜ਼ ਪੰਜਾਬ
ਲੁਧਿਆਣਾ, 19 ਮਈ -ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ, ਪੰਜਾਬ ਸ੍ਰ. ਸੁਖਵਿੰਦਰ ਸਿੰਘ ਗਿੱਲ ਅਤੇ ਮਿਸ ਹਰਵੀਨ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਦੂਸਰੇ ਵਿਭਾਗਾਂ ਦੀ ਤਰਾਂ ਮੋਹਰੀ ਹੋ ਕੇ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ 15 ਕਿਲੋ ਪ੍ਰਤੀ ਜੀਅ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ 3 ਮਹੀਨੇ ਦਾ ਮੁਫਤ ਰਾਸ਼ਨ ਦਿੱਤਾ ਜਾ ਰਿਹਾ ਹੈ।ਇਸ ਸਕਮਿ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਕੁੱਲ 381726 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿੱਚੋਂ ਅੱਜ ਤੱਕ 247778 ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਵੰਡ ਕਰ ਦਿੱਤੀ ਗਈ ਹੈ।ਬਾਕੀ ਬਚਦੇ 133948 ਪਰਿਵਾਰਾਂ ਨੂੰ ਅਗਲੇ ਇੱਕ ਹਫਤੇ ਵਿੱਚ ਰਾਸ਼ਨ ਦੀ ਵੰਡ ਕਰ ਦਿੱਤੀ ਜਾਵੇਗੀ ।
ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਚੱਲਦੇ ਰਾਸ਼ਨ ਵੰਡਣ ਦੌਰਾਨ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ।ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਜ਼ਿਲ੍ਹੇ ਵਿੱਚ ਕੁੱਲ 16 ਡਿਪੂਆਂ ਦੀ ਸਪਲਾਈ ਮੁਅੱਤਲ ਕੀਤੀ ਗਈ ਹੈ। ਵਿਭਾਗ ਦੇ ਅਧਿਕਾਰੀ/ਕਰਮਚਾਰੀ ਰਾਸ਼ਨ ਵੰਡ ਦੇ ਇਸ ਕੰਮ ਨੂੰ ਜਲਦੀ ਨੇਪਰੇ ਚਾੜਨ ਵਿੱਚ ਲੱਗੇ ਹੋਏ ਹਨ ਤਾਂ ਜੋ ਕੋਵਿਡ-19 ਦੌਰਾਨ ਲਾਕਡਾਊਨ ਕਾਰਨ ਲੋੜਵੰਦਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਤਿਆਰ ਕਰਨ ਲਈ ਵੀ ਵਿਭਾਗੀ ਅਧਿਕਾਰੀ/ਕਰਮਚਾਰੀ ਦਿਨ ਰਾਤ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਹਨ। ਅੱਜ ਤੱਕ ਲਗਭਗ 4 ਲੱਖ ਰਾਸ਼ਨ ਕਿੱਟਾਂ ਤਿਆਰ ਕਰਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਰਾਹੀਂ ਲੋੜਵੰਦਾਂ/ਪ੍ਰਵਾਸੀ ਮਜ਼ਦੂਰਾਂ ਤੱਕ ਪੁੱਜਦੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਕੰਮ ਲਗਾਤਾਰ ਜਾਰੀ ਹੈ।ਇਸੇ ਤਰ੍ਹਾਂ ਵਿਭਾਗ ਅਤੇ ਖਰੀਦ ਏਜੰਸੀਆਂ ਵੱਲੋਂ ਰੱਬੀ ਸੀਜ਼ਨ 2020-21 ਦੌਰਾਨ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਲਗਭਗ 8.70 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਦਕਿ ਪਿਛਲੇ ਸਾਲ ਇਸ ਦਿਨ ਤੱਕ 7.93 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਸਮੂਹ ਖਰੀਦ ਏਜੰਸੀਆਂ ਵੱਲੋਂ ਉਕਤ ਖਰੀਦੀ ਗਈ 8.70 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 7.93 ਲੱਖ ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਲਈ ਆੜਤੀਆਂ ਨੂੰ 95 ਫੀਸਦੀ ਪੇਮੈਂਟ ਰਿਲੀਜ਼ ਕੀਤੀ ਗਈ ਹੈ ਅਤੇ ਬਾਕੀ ਪੇਮੈਂਟ ਵੀ ਕੀਤੀ ਜਾ ਰਹੀ ਹੈ।