ਨਿਊਜ਼ ਪੰਜਾਬ
1 ਅਗਸਤ 2025
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਐਕਸ ਹੈਂਡਲ ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਦੇ ਬੇਟੇ ਉਦੈਵੀਰ ਸਿੰਘ ਰੰਧਾਵਾ ਨੂੰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਮਿਲੀ ਧਮਕੀ ਬਾਰੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਤੁਰੰਤ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ‘ਚ ਕਾਨੂੰਨ-ਵਿਵਸਥਾ ਖਰਾਬ ਹੋ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।
ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਧਮਕੀ ਦੇ ਖੁਲਾਸੇ ਤੋਂ ਬਾਅਦ ਇਹ ਮਾਮਲਾ ਰਾਜਨੀਤਿਕ ਸਰਗਰਮੀਆਂ ‘ਚ ਚਰਚਾ ਦਾ ਕੇਂਦਰ ਬਣ ਗਿਆ ਹੈ। ਪੰਜਾਬ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਹੁਣ ਤੱਕ ਇਹ ਸਾਫ਼ ਨਹੀਂ ਹੋਇਆ ਕਿ ਧਮਕੀ ਕਿਵੇਂ ਅਤੇ ਕਦੋਂ ਦਿੱਤੀ ਗਈ।
