ਨਿਊਜ਼ ਪੰਜਾਬ
8 ਅਗਸਤ 2025
ਪੰਜਾਬ ’ਚ ਇੱਕ ਪਾਸੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਰੌਣਕਾਂ ਦੇਖਣ ਨੂੰ ਮਿਲ ਰਹੀ ਹੈ ਉੱਥੇ ਹੀ ਦੂਜੇ ਪਾਸੇ ਹੁਣ ਇਨ੍ਹਾਂ ਰੌਣਕਾਂ ਦੇ ਵਿਚਾਲੇ ਆਮ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ। ਦਰਅਸਲ ਪੰਜਾਬ ’ਚ ਸਰਕਾਰੀ ਬੱਸਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ ਜਿਸ ਨੂੰ ਹੁਣ ਠੇਕਾਂ ਮੁਲਾਜ਼ਮਾਂ ਨੇ ਖਤਮ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਿਲੋਮੀਟਰ ਸਕੀਮ ਦੇ ਟੈਂਡਰ ਮੁਲਤਵੀ ਕਰਨ ਦਾ ਭਰੋਸਾ ਮਿਲਣ ਮਗਰੋਂ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਨੂੰ ਮੁਲਤਵੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਥੇਬੰਦੀ ਦੇ ਸੰਘਰਸ਼ਾਂ ਨੂੰ ਵੇਖਦਿਆਂ ਹੋਇਆ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਸਰਕਾਰ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਬਜਟ ਵੀ ਰਿਲੀਜ ਕਰ ਦਿੱਤਾ ਗਿਆ ਹੈ। ਜਿਸਦੇ ਚੱਲਦੇ ਉਨ੍ਹਾਂ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਦੇ ਹੱਲ ਲਈ 13 ਅਗਸਤ ਨੂੰ ਮੀਟਿੰਗ ਤੈਅ ਕੀਤੀ ਗਈ ਹੈ। ਜੇਕਰ ਇਸ ਮੀਟਿੰਗ ’ਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਨਿਕਲਦਾ ਹੈ ਤਾਂ ਉਹ 14 ਅਗਸਤ ਨੂੰ ਮੁੜ ਤੋਂ ਹੜਤਾਲ ਕਰਨਗੇ। ਪਰ ਹੁਣ ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।
ਠੇਕਾ ਮੁਲਾਜ਼ਮਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ 13 ਅਗਸਤ ਨੂੰ ਮੰਗਾਂ ਦਾ ਹੱਲ ਨਾ ਨਿਕਲਣ ’ਤੇ 14 ਅਗਸਤ ਨੂੰ ਪਹਿਲੇ ਟਾਈਮ ਤੋਂ ਹੜਤਾਲ ਸਮੇਤ 15 ਅਗਸਤ ਨੂੰ ਗੁਲਾਮੀ ਦਿਵਸ ਮਨਾਇਆ ਜਾਵੇਗਾ। ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀਆਂ ਦੇ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
