ਨਿਊਜ਼ ਪੰਜਾਬ
ਮੋਹਾਲੀ ,18 ਅਗਸਤ 2025
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਵੱਡਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਬੀਤੀ ਸੁਣਵਾਈ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਹਾਈ ਕੋਰਟ ਪਹੁੰਚ ਗਈ ਹੈ। ਗਨੀਵ ਕੌਰ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਪਟੀਸ਼ਨ ਵਿੱਚ ਵਿਜੀਲੈਂਸ ਵੱਲੋਂ 10 ਅਗਸਤ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਤੋਂ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਗਏ ਹਨ।
ਗਨੀਵ ਕੌਰ ਨੇ ਹਾਈ ਕੋਰਟ ਤੋਂ ਵਿਜੀਲੈਂਸ ਵੱਲੋਂ ਭੇਜਿਆ ਨੋਟਿਸ ਰੱਦ ਕਰਨ ਦੀ ਮੰਗ ਕੀਤੀ ਹੈ। ਸਰਕਾਰ ਨੇ ਕਿਹਾ ਹੈ ਕਿ ਗਨੀਵ ਕੌਰ ਇਸ ਮਾਮਲੇ ਵਿੱਚ ਦੋਸ਼ੀ ਨਹੀਂ। ਇਹ ਨੋਟਿਸ ਉਨ੍ਹਾਂ ਨੂੰ ਗਵਾਹ ਵਜੋਂ ਭੇਜਿਆ ਗਿਆ ਹੈ। ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹੁਣ ਇਸ ਮਾਮਲੇ ਉਪਰ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।
ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ ਸੋਮਵਾਰ ਨੂੰ ਮੁਹਾਲੀ ਅਦਾਲਤ ਵਿੱਚ ਹੋਈ ਜਿਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਫਿਲਹਾਲ ਅਜੇ ਉਹ ਜੇਲ੍ਹ ਵਿਚ ਹੀ ਰਹਿਣਗੇ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ।
