ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਮੋਹਾਲੀ ਅਦਾਲਤ’ਚ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਪੇਸ਼,ਜਾਣੋ ਕੀ ਕੁਝ ਹੋਇਆ

ਨਿਊਜ਼ ਪੰਜਾਬ

22 ਅਗਸਤ 2025

ਅੱਜ ਵਿਜੀਲੈਂਸ ਬਿਊਰੋ ਨੇ ਮੋਹਾਲੀ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ  ਚਾਰਜਸ਼ੀਟ ਪੇਸ਼ ਕੀਤੀ, ਜਿਨ੍ਹਾਂ ਨੂੰ ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਜੀਲੈਂਸ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹ ਪੇਸ਼ ਕੀਤੇ ਹਨ ਅਤੇ 400 ਤੋਂ ਵੱਧ ਬੈਂਕ ਖਾਤਿਆਂ ਦੀ ਜਾਂਚ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰਜਸ਼ੀਟ 40 ਹਜ਼ਾਰ ਤੋਂ ਵੱਧ ਪੰਨਿਆਂ ਦੀ ਹੈ, ਜਿਸ ਨੂੰ ਚਾਰ ਟਰੰਕਾਂ ਵਿੱਚ ਅਦਾਲਤ ਵਿੱਚ ਲਿਆਂਦਾ ਗਿਆ ਸੀ।ਅਕਾਲੀ ਦਲ ਦਾ ਕਹਿਣਾ ਹੈ ਕਿ ਚਲਾਨ ਦਾ ਅਧਿਐਨ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਹੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।

ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਵਿਜੀਲੈਂਸ ਨੇ ਚਾਰਜਸ਼ੀਟ ਵਿੱਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਅਤੇ ਬੇਨਾਮੀ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ, ਯੂਪੀ ਅਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਹੈ। ਚਾਰਜਸ਼ੀਟ ਵਿੱਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਦਰਜ ਹਨ।