ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ

ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ

****************

ਲੁਧਿਆਣਾ, 25 ਅਗਸਤ, ( ਆਰ ਐਸ ਖ਼ਾਲਸਾ ) ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।

ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਰਾਜਪੁਰਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਭਾਈ ਗਗਨਪ੍ਰੀਤ ਸਿੰਘ ਹਜੂਰੀ ਰਾਗੀ ਸ਼੍ਰੀ ਮੁਕਤਸਰ ਸਾਹਿਬ,ਭਾਈ ਵਰਜਿੰਦਰ ਸਿੰਘ ਖਾਲਸਾ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ,

ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਾਲ ਸੰਪਾਦਿਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।

ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ।

ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਦੇ ਨਾਲ ਸਾਝੇ ਤੌਰ ਤੇ ਗੁਰੂ ਘਰ ਦੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ।ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ.ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ,ਗੁਰਦੀਪ ਸਿੰਘ ਡੀਮਾਰਟੇ,ਬਲਬੀਰ ਸਿੰਘ ਭਾਟੀਆ,ਹਰਪਾਲ ਸਿੰਘ ਖਾਲਸਾ, ਹਰਮਿੰਦਰ ਸਿੰਘ ਕੋਹਲੀ,ਸੁਰਿੰਦਰਪਾਲ ਸਿੰਘ ਭੁਟੀਆਨੀ,ਇੰਦਰਬੀਰ ਸਿੰਘ ਬੱਤਰਾ,ਪਰਮਜੀਤ ਸਿੰਘ ਸੇਠੀ,ਅਵਤਾਰ ਸਿੰਘ ਮਿੱਡਾ,ਮਨਮੋਹਨ ਸਿੰਘ,ਅਵਤਾਰ ਸਿੰਘ ਬੀ.ਕੇ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

**********