ਕੋਰੋਨੇ ਦੀ ਮਾਰ – ਓਧਰੋਂ ਫੀਸਾਂ ਵਿੱਚ ਵਾਧਾ – ਸਰਕਾਰ ਦਾ ਫੈਂਸਲਾ ਪੜ੍ਹੋ
ਮੰਤਰੀ ਮੰਡਲ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀਆਂ ਫੀਸਾਂ ‘ਚ ਵਾਧੇ ਨੂੰ ਪ੍ਰਵਾਨਗੀ
ਨਿਊਜ਼ ਪੰਜਾਬ
ਚੰਡੀਗੜ੍ਹ, 27 ਮਈ – ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੀਆਂ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਲਈ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀ ਫੀਸ ਸਾਲ 2015 ਵਿੱਚ ਅਤੇ ਨਿੱਜੀ ਮੈਡੀਕਲ ਕਾਲਜਾਂ ਲਈ ਸਾਲ 2014 ਵਿੱਚ ਨੋਟੀਫਾਈ ਕੀਤੀ ਗਈ ਸੀ। ਇਨ੍ਹਾਂ 5-6 ਸਾਲਾਂ ਵਿੱਚ ਕੀਮਤ ਸੂਚਕ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਨੂੰ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿੱਚ ਅਸਮਰਥ ਹਨ।
ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਲਗਾਤਾਰ ਫੀਸਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ ਕਿਉਂ ਜੋ ਮੌਜੂਦਾ ਫੀਸ ਦਰਾਂ ‘ਤੇ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।
ਇਸ ਦੌਰਾਨ ਮੰਤਰੀ ਮੰਡਲ ਨੇ ਟਰਾਂਸਪੋਰਟ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਗਰੁੱਪ-ਏ ਸੇਵਾ ਨਿਯਮ-2013 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
———————–