ਨਿਊਜ਼ ਪੰਜਾਬ
29 ਅਗਸਤ 2025
ਪੰਜਾਬ ਦੇ ਵਿੱਚ ਹੜ੍ਹਾਂ ਦੀ ਮਾਰ ਨੂੰ ਦੇਖਦਿਆਂ ਸੂਬੇ ਦੇ ਮੁੱਖ ਮੰਤਰੀ ਭਗਵਾਨ ਮਾਨ ਅਤੇ ਸੂਬੇ ਦੇ ਸਾਰੇ ਵਿਧਾਇਕਾਂ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵਾਨ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ X ‘ਤੇ ਪੋਸਟ ਸਾਂਝੀ ਕਰ ਕੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।

ਮੂਸਲਾਧਾਰ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਹਾਲਾਤ ਹੋਰ ਵੀ ਖ਼ਰਾਬ ਹੋ ਗਏ ਹਨ। ਸੂਬੇ ਵਿੱਚ ਹੜ੍ਹਾਂ ਦੇ ਪਾਣੀ ਨੇ ਕਹਿਰ ਮਚਾ ਰੱਖਿਆ ਹੈ। ਹਜ਼ਾਰਾਂ ਏਕੜ ਜ਼ਮੀਨ, ਫਸਲਾਂ ਅਤੇ ਦਰਿਆਵਾਂ ਦੇ ਕਿਨਾਰੇ ਵੱਸਦੇ ਪਿੰਡ ਪਾਣੀ ਵਿੱਚ ਡੁੱਬ ਚੁੱਕੇ ਹਨ। ਸੜਕਾਂ ਬਹਿ ਜਾਣ ਕਾਰਨ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਸੜਕਾਂ ਤੇ ਪੁਲ ਢਹਿ ਚੁੱਕੇ ਹਨ। ਸੜਕ ਆਵਾਜਾਈ ਦੇ ਨਾਲ ਰੇਲ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ। ਲੋਕਾਂ ਨੂੰ ਬਚਾਉਣ ਲਈ ਫੌਜ ਦੀ ਮਦਦ ਲਈ ਗਈ ਹੈ। ਇਸ ਵਿਚਾਲੇ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ।
