ਨਿਊਜ਼ ਪੰਜਾਬ
30 ਅਗਸਤ 2025
ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ।ਬੱਦਲ ਫਟਣ ਕਾਰਨ ਅਚਾਨਕ ਆਏ ਹੜ੍ਹ ਅਤੇ ਮਲਬੇ ਵਿੱਚ ਕਈ ਘਰ ਦੱਬ ਗਏ, ਜਿਸ ਨਾਲ ਇਲਾਕੇ ਵਿੱਚ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਇਸ ਕੁਦਰਤੀ ਆਫ਼ਤ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ।
ਬੱਦਲ ਫਟਣ ਦੀ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ, ਜਿਹਨਾਂ ਵਲੋਂ ਰਾਹਤ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਇਸ ਆਫ਼ਤ ਨੇ ਕਈ ਪਰਿਵਾਰਾਂ ਦੇ ਸਿਰਾਂ ਤੋਂ ਛੱਤ ਖੋਹ ਲਈ ਹੈ। ਮੀਂਹ ਕਾਰਨ ਆਏ ਹੜ੍ਹਾਂ ਦੇ ਤੇਜ਼ ਵਹਾਅ ਨੇ ਕੁਝ ਘਰਾਂ ਨੂੰ ਪੂਰੀ ਤਰ੍ਹਾਂ ਵਹਾ ਦਿੱਤਾ ਅਤੇ ਕਈ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਹਤ ਕਾਰਜ ਤੇਜ਼ ਕਰ ਦਿੱਤੇ ਹਨ। ਐਨਡੀਆਰਐਫ, ਪੁਲਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਖੋਜ ਕਾਰਜ ਚਲਾ ਰਹੀਆਂ ਹਨ।
