ਨਿਊਜ਼ ਪੰਜਾਬ
1 ਸਤੰਬਰ 2025
ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ, ਜਿਸ ਦੇ ਨਾਲ ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਹਾੜਾਂ ਵਿੱਚ ਵੀ ਭਾਰੀ ਮੀਂਹ ਪੈਂਦਾ ਹੈ ਤਾਂ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਕਾਰਨ ਹੋਰ ਨੁਕਸਾਨ ਹੋ ਸਕਦਾ ਹੈ।
ਇਸ ਦੌਰਾਨ ਪੰਜਾਬ ਸਰਕਾਰ ਵੀ ਹੜ੍ਹਾਂ ਨਾਲ ਨਜਿੱਠਣ ਲਈ ਲਗਾਤਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹੈ। ਮੁੱਖ ਮੰਤਰੀ ਭਗਵੰਤ ਮਾਨ ਅਧਿਕਾਰੀਆਂ ਕੋਲੋਂ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ। ਖ਼ਬਰਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਲੋਕਾਂ ਨੂੰ ਮਿਲ ਰਹੇ ਹਨ। ਇਸ ਦੇ ਨਾਲ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਵੀ ਮਿਲਣਗੇ। ਇਸ ਦੇ ਨਾਲ ਉਹ ਟਾਂਡਾ ਵਿੱਚ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
