ਨਿਊਜ਼ ਪੰਜਾਬ
4 ਸਤੰਬਰ 2025
ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਗੰਭੀਰ ਹੋਈ ਪਈ ਹੈ। ਪੰਜਾਬ ਦੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ।ਸੂਬੇ ਦੇ 1655 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਦਿੱਕਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਰਾਹਤ ਕਾਰਜਾਂ ‘ਚ ਤੇਜ਼ੀ ਲਈ ਮਾਨ ਸਰਕਾਰ ਨੇ ਹਰੇਕ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਇੱਕ ਗਜ਼ਟਿਡ ਅਫ਼ਸਰ ਨੂੰ ਤੈਨਾਤ ਕਰਨ ਦਾ ਫ਼ੈਸਲਾ ਲਿਆ ਹੈ।ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ। ਉਨ੍ਹਾਂ ਕਿਹਾ ਹੈ ਕਿ ਇਹ ਅਧਿਕਾਰੀ ਸਿੱਧੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਸੰਪਰਕ ਕਰਨਗੇ। ਇਸ ਨਾਲ ਸਮੱਸਿਆ ਦਾ ਸਿੱਧਾ ਹੱਲ ਹੋਵੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਸੀ। ਅੱਜ ਉਨ੍ਹਾਂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਾ ਸੀ। ਦੱਸ ਦਈਏ ਕਿ ਅੰਮ੍ਰਿਤਸਰ, ਗੁਰਦਾਸਪੁਰ ਅਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਵਿੱਚ ਰਾਵੀ ਅਤੇ ਸਤਲੁਜ ਦਾ ਪਾਣੀ ਵੱਧ ਗਿਆ ਹੈ। ਅੰਮ੍ਰਿਤਸਰ ਦੇ 140 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। ਇਸ ਦੇ ਨਾਲ ਹੀ ਸਤਲੁਜ ਨੇ ਲੁਧਿਆਣਾ ਵਿੱਚ ਸਸਰਾਲੀ ਬੰਨ੍ਹ ਦਾ ਕੁਝ ਹਿੱਸਾ ਟੁੱਟ ਗਿਆ ਹੈ। ਇਸ ਤੋਂ ਬਾਅਦ ਫੌਜ ਨੇ ਕਮਾਨ ਸੰਭਾਲ ਲਈ ਹੈ।
