ਜੇ ਕੋਈ ਯੂਪੀ, ਬਿਹਾਰ ਜਾਣਾ ਚਾਹੁੰਦਾ ਤਾਂ ਆ ਜਾਉ…… ਪੜ੍ਹੋ ਵੇਰਵੇ
ਉੱਤਰ ਪ੍ਰਦੇਸ਼ ਅਤੇ ਬਿਹਾਰ ਨੂੰ ਜਾਣਾ ਚਾਹੁੰਦੇ ਪ੍ਰਵਾਸੀ ਮਜ਼ਦੂਰਾਂ ਨੂੰ ਰਜਿਸਟਰੇਸ਼ਨ ਕਰਾਉਣ ਦਾ ਹੋਰ ਮੌਕਾ
-29 ਮਈ ਨੂੰ ਸਵੇਰੇ 10 ਵਜੇ ਸਿੱਧੇ ਤੌਰ ’ਤੇ ਗੁਰੂ ਨਾਨਕ ਸਟੇਡੀਅਮ ਪਹੁੰਚੋਂ-ਡਿਪਟੀ ਕਮਿਸ਼ਨਰ
ਲੁਧਿਆਣਾ, 27 ਮਈ (ਨਿਊਜ਼ ਪੰਜਾਬ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਵੀ ਪ੍ਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼ ਅਤੇ ਬਿਹਾਰ ਜਾਣਾ ਚਾਹੁੰਦੇ ਹਨ ਪਰ ਉਹ ਪਹਿਲਾਂ ਰਜਿਸਟਰੇਸ਼ਨ ਕਰਾਉਣ ਤੋਂ ਰਹਿ ਗਏ ਸਨ ਜਾਂ ਉਨ੍ਹਾਂ ਦੀ ਹਾਲੇ ਤੱਕ ਵਾਰੀ ਨਹੀਂ ਆਈ, ਉਹ ਮਿਤੀ 29 ਮਈ, 2020 ਦਿਨ ਸ਼ੁੱਕਰਵਾਰ ਨੂੰ ਸਿੱਧੇ ਤੌਰ ’ਤੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਸਵੇਰੇ 10 ਵਜੇ ਪਹੁੰਚ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ 24 ਦਿਨਾਂ ਤੋਂ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਅਤੇ ਹੋਰ ਰਾਜਾਂ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਭੇਜਣ ਲਈ ਲੁਧਿਆਣਾ ਤੋਂ ਲਗਾਤਾਰ ਰੇਲਾਂ ਰਵਾਨਾ ਹੋ ਰਹੀਆਂ ਹਨ। ਹੁਣ ਤੱਕ 194 ਰੇਲਾਂ ਰਾਹੀਂ ਕਰੀਬ 3 ਲੱਖ ਲੋਕਾਂ ਨੂੰ ਉਨ੍ਹਾਂ ਦੇ ਸੂਬਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਪ੍ਰਵਾਸੀਆਂ ਨੇ ਉੱਤਰ ਪ੍ਰਦੇਸ਼ ਜਾਂ ਬਿਹਾਰ ਜਾਣ ਲਈ ਅਪਲਾਈ ਕੀਤਾ ਸੀ, ਉਨ੍ਹਾਂ ਨੂੰ ਕਾਲ ਕਰਕੇ ਜਾਂ ਮੈਸੇਜ਼ ਭੇਜ ਉਨ੍ਹਾਂ ਦੇ ਗ੍ਰਹਿ ਰਾਜਾਂ ਨੂੰ ਜਾਣ ਦਾ ਇੱਕ ਵਾਰ ਮੌਕਾ ਦਿੱਤਾ ਜਾ ਚੁੱਕਾ ਹੈ।
ਸ੍ਰੀ ਅਗਰਵਾਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਨਾਲ ਸੰਬੰਧਤ ਜੋ ਵਿਅਕਤੀ ਰਜਿਸਟਰੇਸ਼ਨ ਕਰਾਉਣ ਤੋਂ ਰਹਿ ਗਏ ਸਨ ਜਾਂ ਰਜਿਸਟਰੇਸ਼ਨ ਕਰਾਉਣ ਦੇ ਬਾਵਜੂਦ ਹਾਲੇ ਤੱਕ ਜਾ ਨਹੀਂ ਸਕੇ ਹਨ, ਤਾਂ ਉਨ੍ਹਾਂ ਨੂੰ ਰਜਿਸਟਰੇਸ਼ਨ ਕਰਾਉਣ ਦਾ ਇੱਕ ਮੌਕਾ ਹੋਰ ਦਿੱਤਾ ਜਾ ਰਿਹਾ ਹੈ। ਰਜਿਸਟਰੇਸ਼ਨ ਕਰਾਉਣ ਉਪਰੰਤ ਇਨ੍ਹਾਂ ਦੀ ਸੰਖਿਆ ਦੇ ਮੁਤਾਬਿਕ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਰੇਲਾਂ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਲੋਕਾਂ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪ੍ਰਵਾਸੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਰੇਲ ਸਫ਼ਰ, ਭੋਜਨ, ਪਾਣੀ ਅਤੇ ਰੇਲਵੇ ਸਟੇਸ਼ਨ ਤੱਕ ਲਿਆਉਣ ਦਾ ਖ਼ਰਚਾ ਉਠਾਇਆ ਜਾ ਰਿਹਾ ਹੈ। ਰੇਲ ਚੜਾਉਣ ਤੋਂ ਪਹਿਲਾਂ ਹਰੇਕ ਯਾਤਰੀ ਦਾ ਮੈਡੀਕਲ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ।