ਕੋਵੀਡ -19 ਦੇ ਫੈਲਾਅ ਨੂੰ ਕਾਬੂ ਵਿੱਚ ਰੱਖਣ ਲਈ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ : ਸਿਹਤ ਮੰਤਰੀ
ਮਹਾਮਾਰੀ ਦੇ ਟਾਕਰੇ ਲਈ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ
ਲਾਗ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਪਤਾ ਲਗਾਉਣ ਲਈ ਰੋਜ਼ਾਨਾ ਵੱਧ ਤੋਂ ਵੱਧ ਨਮੂਨੇ ਲੈਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 29 ਮਈ( ਨਿਊਜ਼ ਪੰਜਾਬ) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਖਾਸਕਰ ਮੰੁਬਈ ਅਤੇ ਅਹਿਮਦਾਬਾਦ ਤੋਂ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ ਕਿਉਂ ਕਿ ਇੱਥੇ ਵੱਡੀ ਗਿਣਤੀ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਏ ਗਏ 72, 468 ਨਮੂਨਿਆਂ ਵਿੱਚੋਂ ਸਿਰਫ਼ 2 . 8 ਫ਼ੀਸਦੀ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।
ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਰਿਪੋਰਟ ਕੀਤੇ ਗਏ ਜ਼ਿਆਦਾਤਰ ਮਾਮਲੇ ਦੂਸਰੇ ਰਾਜਾਂ ਅਤੇ ਦੇਸ਼ਾਂ ਦੀ ਟਰੈਵਲ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਇਸ ਵਾਇਰਸ ਦੇ ਸਮੂਹ ਵਿੱਚ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਤੌਰ ‘ਤੇ ਉੱਚ ਜੋਖ਼ਮ ਵਾਲੇ ਰਾਜਾਂ ਅਤੇ ਦੇਸ਼ਾਂ `ਚੋਂ ਆਉਣ ਵਾਲੇ ਯਾਤਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਇਸ ਅਹਿਮ ਮੁੱਦੇ ‘ਤੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਵਿੱਚ ਹੈ ਕਿ ਰਾਜ ਵਿਚ ਸਿਰਫ 151 ਪਾਜ਼ੇਟਿਵ ਵਿਅਕਤੀ ਅਜਿਹੇ ਹਨ ਜਿਨ੍ਹਾਂ ਜਿਨ੍ਹਾਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। 99.9 ਫੀਸਦੀ ਸੰਪਰਕ ਟਰੇਸਿੰਗ ਵਿਚੋਂ, 1476 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਜੋ ਕਿ ਲਗਭਗ 8 ਫੀਸਦ ਬਣਦਾ ਹੈ।
ਮੰਤਰੀ ਨੇ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਕਿ ਲਾਗ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਪਤਾ ਲਗਾਉਣ ਲਈ ਯਾਤਰੀਆਂ ਦੇ ਵੱਧ ਤੋਂ ਵੱਧ ਨਮੂਨੇ ਲੈਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ 40 ਮਰੀਜ਼ਾਂ ਦੀ ਮੌਤ ਹੋਈ ਹੈ, ਉਹਨਾਂ ਦੀ ਉਮਰ 50 ਸਾਲ ਤੋਂ ਵੱਧ ਸੀ। ਇਨਾਂ ਵਿੱਚੋਂ 31 ਵਿਅਕਤੀ (77 ਫ਼ੀਸਦੀ) ਆਖਰੀ ਪੜਾਅ ‘ਤੇ ਗੁਰਦੇ, ਕੈਂਸਰ ਤੇ ਐੱਚਆਈਵੀ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਇਲਾਵਾ ਸ਼ੂਗਰ ਤੇ ਹਾਈ ਬਲੱਡ ਪ੍ਰੈਸ਼ਰ ਨਾਲ ਜੂਝ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਤ ਦਰ ਨੂੰ ਅੱਗੇ ਹੋਰ ਕੰਟਰੋਲ ਕਰਨ ਲਈ ਸਾਰੀਆਂ ਮੌਤਾਂ ਦਾ ਡੂੰਘਾਈ ਨਾਲ ਆਡਿਟ ਕੀਤਾ ਜਾਵੇਗਾ।
ਸ. ਬਲਬੀਰ ਸਿਘ ਸਿੱਧੂ ਨੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀਆਂ ਖਾਲੀ ਅਸਾਮੀਆਂ ਦੀ ਫਾਈਲ ਪੇਸ਼ ਕਰਨ ਤਾਂ ਕਿ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਇਹ ਫਾਈਲ ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਵਿਸ਼ਵਾਸ਼ ਨਹੀਂ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਲੋਂ ਸਿਹਤ ਸੰਸਥਾਵਾਂ ਵਿੱਚ ਪ੍ਰਦਾਨ ਕੀਤੀਆਂ ਗਈਆਂ ਮਿਆਰੀ ਸਿਹਤ ਸੇਵਾਵਾਂ ਨਾਲ, ਹੁਣ ਸੂਬੇ ਦੀਆਂ ਸਿਹਤ ਸੇਵਾਵਾਂ ਵਿੱਚ ਉਨ੍ਹਾਂ ਦਾ ਪੂਰਾ ਭਰੋਸਾ ਬੱਝ ਗਿਆ ਹੈ।
ਟੀਕਾਕਰਨ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਮੀਟਿੰਗ ਨੂੰ ਬੱਚਿਆਂ ਲਈ 100 ਪ੍ਰਤੀਸ਼ਤ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਬੱਚਿਆਂ ਨੂੰ ਆਮ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਜੌਹਲ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਪ੍ਰੋਗਰਾਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਜ ਪੱਧਰੀ ਟੀਮਾਂ ਨੂੰ ਜਿ਼ਲ੍ਹਿਆਂ ਵਿੱਚ ਭੇਜਿਆ ਜਾਵੇ ਜਿਥੇ ਟੀਕਾਕਰਨ ਦੀ ਦਰ ਬਹੁਤ ਘੱਟ ਹੈ।
ਉਨ੍ਹਾਂ ਕਿਹਾ ਕਿ 100 ਇੰਸਟੀਟਿਊਸ਼ਨਲ ਡਿਲੀਵਰੀਜ਼ ਦਾ ਟੀਚਾ ਹਾਸਲ ਕਰਨ ਲਈ, ਮਦਰ ਐਂਡ ਚਾਈਲਡ ਹੈਲਥ ਕੇਅਰ ਅਤੇ ਸਰਕਾਰੀ ਹਸਪਤਾਲਾਂ ਦੇ ਕੰਮਕਾਜ ਦੀ ਰੋਜ਼ਾਨਾ ਅਧਾਰ `ਤੇ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ, ਸਾਰੇ ਸਿਖਲਾਈ ਸੈਸ਼ਨ ਜਿ਼ਲ੍ਹਾ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਾਂ ਟੈਲੀਕਮਿਉਨੀਕੇਸ਼ਨ ਰਾਹੀਂ ਨੇਪਰੇ ਚੜ੍ਹਾਏ ਜਾਣਗੇ।
ਡੇਂਗੂ ਅਤੇ ਮਲੇਰੀਆ ਦੇ ਫੈਲਣ ਵਾਲੇ ਮੌਸਮ ਦੇ ਮੱਦੇਨਜ਼ਰ ਮੰਤਰੀ ਨੇ ਸਟੇਟ ਪ੍ਰੋਗਰਾਮ ਅਫਸਰ, ਆਈਡੀਐਸਪੀ ਨੂੰ ਨਿਰਦੇਸ਼ ਦਿੱਤੇ ਕਿ ਸਿਹਤ ਵਿਭਾਗ ਕੋਵਿਡ -19 ਵਿਰੁੱਧ ਅਣਥੱਕ ਲੜਾਈ ਲੜ ਰਿਹਾ ਹੈ ਅਤੇ ਨਾਲ ਹੀ ਡੇਂਗੂ, ਮਲੇਰੀਆ ਅਤੇ ਪਾਣੀ ਨਾਲ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਜਾਂਚ ਅਤੇ ਪ੍ਰਬੰਧਨ ਲਈ ਤਿਆਰੀ ਨੂੰ ਵੀ ਰਾਜ ਵਿਚ ਯਕੀਨੀ ਬਣਾਇਆ ਜਾਵੇ।
ਮੰਤਰੀ ਨੇ ਮੀਟਿੰਗ ਨੂੰ ਕੋਵਿਡ -19 ਦੇ ਪ੍ਰਬੰਧਨ ਅਤੇ ਰੋਕਥਾਮ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸੱਕਤਰ (ਸਿਹਤ) ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ: ਅਵਨੀਤ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਜੌਹਲ ਅਤੇ ਸਿਹਤ ਮੰਤਰੀ ਦੇ ਓਐਸਡੀ ਡਾ ਬਲਵਿੰਦਰ ਸਿੰਘ, ਨੋਡਲ ਅਫ਼ਸਰ ਕੋਵਿਡ 19 ਡਾ ਰਾਜੇਸ਼ ਭਾਸਕਰ ਅਤੇ ਡਾਇਰੈਕਟੋਰੇਟ ਸਿਹਤ ਸੇਵਾਵਾਂ ਦੇ ਸਾਰੇ ਸੀਨੀਅਰ ਅਧਿਕਾਰੀ ਸ਼ਾਮਲ ਹਨ।