ਨਿਊਜ਼ ਪੰਜਾਬ
25 ਸਤੰਬਰ 2025
ਜੰਮੂ-ਕਸ਼ਮੀਰ ਪੁਲਿਸ ਨੇ ਦੱਖਣੀ ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੀ ਮਦਦ ਕਰਨ ਦੇ ਆਰੋਪ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ,ਜੋ ਕਿ ਲਸ਼ਕਰ-ਏ-ਤੋਇਬਾ (TRF) ਦਾ ਇੱਕ ਸਰਗਰਮ ਮੈਂਬਰ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਦੱਖਣੀ ਕਸ਼ਮੀਰ ਦੇ ਮੁਹੰਮਦ ਯੂਸਫ਼ ਕਟਾਰੀਆ ਵਜੋਂ ਹੋਈ ਹੈ। ਜੰਮੂ-ਕਸ਼ਮੀਰ ਵਿੱਚ ਇੱਕ 26 ਸਾਲਾ ਅਧਿਆਪਕ ਯੂਸਫ਼ ਕਟਾਰੀਆ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਉਸਨੂੰ ਸ੍ਰੀਨਗਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਜੰਮੂ-ਕਸ਼ਮੀਰ ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੇ ਮੁਹੰਮਦ ਕਟਾਰੀਆ ਨੂੰ ਆਪ੍ਰੇਸ਼ਨ ਮਹਾਦੇਵ ਵਿੱਚ ਮਾਰੇ ਗਏ ਲਸ਼ਕਰ ਅੱਤਵਾਦੀਆਂ ਤੋਂ ਬਰਾਮਦ ਕੀਤੇ ਗਏ ਉਪਕਰਣਾਂ ਅਤੇ ਹਥਿਆਰਾਂ ਦਾ ਪਤਾ ਲਗਾਇਆ। ਆਪਰੇਸ਼ਨ ਮਹਾਦੇਵ ਵਿੱਚ ਸੁਰੱਖਿਆ ਬਲਾਂ ਨੇ ਪਹਿਲਗਾਮ ਹਮਲੇ ਲਈ ਜ਼ਿੰਮੇਵਾਰ ਤਿੰਨ ਪਾਕਿਸਤਾਨੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।ਜਾਂਚ ਤੋਂ ਪਤਾ ਲੱਗਿਆ ਹੈ ਕਿ ਕਟਾਰੀਆ ਨੇ ਅੱਤਵਾਦੀਆਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਉਨ੍ਹਾਂ ਦੇ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਸਹਾਇਤਾ ਕੀਤੀ ਸੀ। ਹਾਲਾਂਕਿ, ਉਹ ਸਿੱਧੇ ਤੌਰ ‘ਤੇ ਬੈਸਰਨ ਅੱਤਵਾਦੀ ਹਮਲੇ ਵਿੱਚ ਸ਼ਾਮਲ ਨਹੀਂ ਸੀ।
ਪੁਲਿਸ ਸੂਤਰਾਂ ਅਨੁਸਾਰ ਕਟਾਰੀਆ ਨੂੰ ਇੱਕ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫਤਾਰੀ ਸ਼੍ਰੀਨਗਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੁਆਰਾ ਇੱਕ ਸਾਂਝੇ ਆਪ੍ਰੇਸ਼ਨ ਦੇ ਹਿੱਸੇ ਵਜੋਂ ਬ੍ਰਿਨਲ-ਲਾਮਾਡ ਖੇਤਰ ਵਿੱਚ ਕੀਤੀ ਗਈ ਸੀ। ਕਟਾਰੀਆ ਕੁਲਗਾਮ ਦੇ ਉੱਪਰਲੇ ਹਿੱਸਿਆਂ ਵਿੱਚ ਰਹਿਣ ਵਾਲੇ ਖਾਨਾਬਦੋਸ਼ ਭਾਈਚਾਰੇ ਨਾਲ ਸਬੰਧਤ ਹੈ, ਜਿਨ੍ਹਾਂ ਦੀਆਂ ਝੌਂਪੜੀਆਂ ਪਹਾੜੀ ਖੇਤਰਾਂ ਵਿੱਚ ਸਥਿਤ ਹਨ। ਇਨ੍ਹਾਂ ਖੇਤਰਾਂ ਨੂੰ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੱਖਣੀ ਕਸ਼ਮੀਰ ਦੇ ਵੱਖ-ਵੱਖ ਖੇਤਰਾਂ ਤੱਕ ਪਹੁੰਚਣ ਲਈ ਅਕਸਰ ਵਰਤਦੇ ਹਨ।
22 ਅਪ੍ਰੈਲ ਨੂੰ ਹੋਇਆ ਸੀ ਅੱਤਵਾਦੀ ਹਮਲਾ
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ 26 ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਇਨ੍ਹਾਂ 26 ਵਿੱਚੋਂ 25 ਸੈਲਾਨੀ ਸਨ ਜੋ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਕਸ਼ਮੀਰ ਘੁੰਮਣ ਆਏ ਸਨ। ਇਸ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵੱਧ ਗਿਆ ਹੈ।
