ਨਿਊਜ਼ ਪੰਜਾਬ
10 ਨਵੰਬਰ 2028
ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (PU) ਇੱਕ ਵਾਰ ਫਿਰ ਵਿਵਾਦਾਂ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਕੇਂਦਰ ‘ਚ ਆ ਗਈ ਹੈ।
ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਐਫਿਡੇਵਿਟ ਨਾਲ ਜੁੜਿਆ ਆਪਣਾ ਫੈਸਲਾ ਵਾਪਸ ਲੈ ਲਿਆ ਸੀ, ਜਦਕਿ ਕੇਂਦਰ ਸਰਕਾਰ ਨੇ ਵੀ ਸੀਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਕਰਨ ਦਾ ਐਲਾਨ ਕੀਤਾ ਸੀ,ਹੁਣ ਵਿਦਿਆਰਥੀਆਂ ਅਤੇ ਪ੍ਰਸ਼ਾਸਨ ਵਿਚਕਾਰ “ਚੋਣ ਦੀ ਤਾਰੀਖ” ਨੂੰ ਲੈ ਕੇ ਸਿੱਧਾ ਟਕਰਾਅ ਦੇਖਣ ਨੂੰ ਮਿਲ ਰਿਹਾ ਹੈ।
ਵਿਦਿਆਰਥੀ ਸੰਗਠਨਾਂ ਨੇ ਪਹਿਲਾਂ 10 ਨਵੰਬਰ ਨੂੰ ਪ੍ਰਦਰਸ਼ਨ ਕਰਨ ਦੀ ਘੋਸ਼ਣਾ ਕੀਤੀ ਸੀ, ਪਰ ਪ੍ਰਸ਼ਾਸਨ ਅਤੇ ਪੁਲਿਸ ਦੀ ਵਧਦੀ ਹਲਚਲ ਨੂੰ ਦੇਖਦੇ ਹੋਏ ਉਨ੍ਹਾਂ ਨੇ 9 ਨਵੰਬਰ ਦੀ ਰਾਤ ਹੀ ਵਿਰੋਧ ਸ਼ੁਰੂ ਕਰ ਦਿੱਤਾ।
ਰਾਤ ਹੋਣ ਦੇ ਨਾਲ ਹੀ ਯੂਨੀਵਰਸਿਟੀ ਦਾ ਮਾਹੌਲ ਤਣਾਅਪੂਰਨ ਹੋ ਗਿਆ — ਵੱਡੀ ਗਿਣਤੀ ਵਿੱਚ ਵਿਦਿਆਰਥੀ ਗੇਟ ਨੰਬਰ 2 ‘ਤੇ ਇਕੱਠੇ ਹੋ ਗਏ ਅਤੇ “ਸੀਨੇਟ ਚੋਣ ਦੀ ਤਾਰੀਖ ਦਿਓ” ਤੇ “ਪੁਲਿਸ ਗੋ ਬੈਕ” ਦੇ ਨਾਅਰੇ ਲਗਾਉਣ ਲੱਗੇ। ਇਸ ਧਰਨੇ ਵਿੱਚ ਮਾਪੇ ਵੀ ਸ਼ਾਮਲ ਹੋ ਗਏ, ਜਿਨ੍ਹਾਂ ਦੀ ਪੁਲਿਸ ਕਰਮਚਾਰੀਆਂ ਨਾਲ ਬਹਿਸ ਵੀ ਹੋਈ।
ਲਗਭਗ 2000 ਪੁਲਿਸ ਕਰਮਚਾਰੀਆਂ ਨੂੰ ਯੂਨੀਵਰਸਿਟੀ ਕੈਂਪਸ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਯੂਨੀਵਰਸਿਟੀ ਦੇ ਮੁੱਖ ਗੇਟਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਭੀੜ ‘ਤੇ ਕਾਬੂ ਪਾਉਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਵੀ ਬੁਲਾਇਆ ਗਿਆ ਹੈ।
