ਪੰਜਾਬ ਸਰਕਾਰ ਨੇ ਕੇਂਦਰ ਨੂੰ ਕਿਹਾ ਹੁਣ ਮਜ਼ਦੂਰਾਂ ਦੀ ਪੰਜਾਬ ਵਾਪਸੀ ਲਈ ਆਗਿਆ ਦਿਓ ! – ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਲਿਖਿਆ-ਸੁੰਦਰ ਸ਼ਾਮ ਅਰੋੜਾ
-ਕਿਹਾ! ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਪੰਜਾਬ ਵਾਪਸ ਆਉਣ ਅਤੇ ਕੰਮਾਂ ਨਾਲ ਜੁੜਨ ਲਈ ਉਤਾਵਲੇ
-ਪੰਜਾਬ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਪੀ. ਪੀ. ਈ. ਕਿੱਟਾਂ ਦੀ ਖਰੀਦ ਲਈ ਕੇਂਦਰ ਸਰਕਾਰ ਅਤੇ ਹੋਰਾਂ ਮੁੱਖ ਮੰਤਰੀਆਂ ਨੂੰ ਵੀ ਕਿਹਾ
-ਲੁਧਿਆਣਾ ਵਿਖੇ ਸਨਅਤਕਾਰਾਂ ਨਾਲ ਮੀਟਿੰਗ
ਨਿਊਜ਼ ਪੰਜਾਬ
ਲੁਧਿਆਣਾ, 4 ਜੂਨ -ਪੰਜਾਬ ਦੇ ਸਨਅਤਾਂ ਅਤੇ ਵਣਜ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਸਨਅਤਾਂ ਮੁੜ ਤੋਂ ਸ਼ੁਰੂ ਹੋ ਗਈਆਂ ਹਨ। ਇਸ ਕਰਕੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਜੋ ਪ੍ਰਵਾਸੀ ਮਜ਼ਦੂਰ ਪੰਜਾਬ ਵਾਪਸ ਆ ਕੇ ਕੰਮ ਨਾਲ ਮੁੜ ਜੁੜਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵਾਪਸ ਆਉਣ ਲਈ ਆਗਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਥੋਂ ਤੱਕ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਨੇ ਦੋ ਬੱਸਾਂ ਵੀ ਭੇਜੀਆਂ ਸਨ, ਜੋ ਅੱਜ ਹੀ ਹੁਸ਼ਿਆਰਪੁਰ ਵਿਖੇ ਵਾਪਸ ਆਈਆਂ ਹਨ।
ਸਥਾਨਕ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਾਪਸ ਆ ਕੇ ਕੰਮ ਨਾਲ ਜੁੜਨ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਰੇਲਾਂ ਦਾ ਪ੍ਰਬੰਧ ਕਰਕੇ ਦਿੱਤਾ ਜਾਵੇ। ਉਨ੍ਹਾਂ ਸੂਬੇ ਦੀਆਂ ਸਨਅਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਕਾਰਨ ਸੂਬੇ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਕੋਈ ਦਿੱਕਤ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਭਰੋਸਾ ਦਿੱਤਾ ਕਿ ‘ਮਿਸ਼ਨ ਫਤਹਿ’ ਤਹਿਤ ਸੂਬੇ ਵਿੱਚ ਸਨਅਤਾਂ ਨੂੰ ਸੁਚਾਰੂ ਰੂਪ ਵਿੱਚ ਮੁੜ ਚਲਾਉਣ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਨਅਤੀ ਹੱਬ ਵਜੋਂ ਵਿਕਸਤ ਕਰਨ ਲਈ ਦ੍ਰਿੜ ਵਚਨਬੱਧ ਹੈ।
ਸੂਬੇ ਵਿੱਚ ਪੀ. ਪੀ. ਈ. ਕਿੱਟਾਂ ਦੇ ਉਤਪਾਦਨ ਸਮਰੱਥਾ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸੰਬੰਧੀ ਵੀ ਕੇਂਦਰੀ ਵਣਜ ਅਤੇ ਸਨਅਤਾਂ ਮੰਤਰਾਲੇ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਨ੍ਹਾਂ ਕਿੱਟਾਂ ਦੀ ਲੋੜ ਵੇਲੇ ਹੋਰਾਂ ਦੇਸ਼ਾਂ ਨੂੰ ਭੇਜਣ ਦੀ ਆਗਿਆ ਦਿੱਤੀ ਜਾਵੇ। ਇਸ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਹ ਪੰਜਾਬ ਵਿੱਚ ਤਿਆਰ ਹੋਣ ਵਾਲੇ ਮਾਸਕ ਅਤੇ ਪੀ. ਪੀ. ਈ. ਕਿੱਟਾਂ ਨੂੰ ਖਰੀਦਣ ਵਿੱਚ ਦਿਲਚਸਪੀ ਦਿਖਾਉਣ। ਇਹ ਸਮੱਗਰੀ ਤਿਆਰ ਕਰਨ ਲਈ ਸੂਬੇ ਵਿੱਚ 103 ਯੂਨਿਟ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਸ਼ਕਿਲ ਘੜੀ ਵਿੱਚ ਸਨਅਤਾਂ ਨੂੰ ਸਹਾਰਾ ਦੇਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹੋਰ ਕਰਜ਼ਾ ਲੈਣ ਦੀ ਬਿਜਾਏ ਸਨਅਤਕਾਰਾਂ ਵੱਲੋਂ ਪਿਛਲੇ 6 ਮਹੀਨੇ ਦੌਰਾਨ ਲਏ ਕਰਜ਼ੇ ਦਾ ਬੈਂਕ ਵਿਆਜ਼ ਮੁਆਫ਼ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸੂਬੇ ਦੇ 20 ਹਜ਼ਾਰ ਨੌਜਵਾਨਾਂ ਨੂੰ ਬੁਆਇਲਰ ਆਪਰੇਟਰ ਦੇ ਕੋਰਸ ਕਰਵਾਏ ਜਾ ਰਹੇ ਹਨ। ਇਹ ਆਈ. ਟੀ. ਆਈ. ਕੋਰਸ ਇਸੇ ਸਾਲ ਦੇ ਅੰਤ ਵਿੱਚ ਮੁਕੰਮਲ ਹੋਣਗੇ, ਇਨ੍ਹਾਂ ਨਵੇਂ ਆਪਰੇਟਰਾਂ ਦਾ ਪੰਜਾਬ ਦਾ ਪੰਜਾਬ ਦੀਆਂ ਸਨਅਤਾਂ ਨੂੰ ਕਾਫੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿੱਚ ਸਨਅਤਾਂ ਲਈ ਲੋੜੀਂਦੇ ਸਕਿੱਲਜ਼ ਨਾਲ ਸੰਬੰਧਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਨੌਜਵਾਨ ਜੁਆਇੰਨ ਕਰਨਗੇ। ਉਨ੍ਹਾਂ ਕਿਹਾ ਕਿ ਸੂਖਮ, ਲਘੂ ਅਤੇ ਮੱਧਮ ਉਦਯੋਗ ਸੂਬੇ ਦੀ ਸਨਅਤ ਦੀ ਰੀੜ ਦੀ ਹੱਡੀ ਹਨ, ਜਿਸ ਕਰਕੇ ਇਨ੍ਹਾਂ ਨੂੰ ਕਿਸੇ ਵੀ ਕਾਰਨ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਨਅਤਾਂ ਦੇ ਲਾਭ ਲਈ ਮੰਡੀ ਗੋਬਿੰਦਗੜ੍ਹ, ਮੱਤੇਵਾੜਾ, ਰਾਜਪੁਰਾ, ਮੋਹਾਲੀ ਅਤੇ ਬਠਿੰਡਾ ਵਿਖੇ ਨਵੇਂ ਸਨਅਤੀ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਰਫਿਊ/ਲੌਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕਈ ਰਿਆਇਤਾਂ ਦਿੱਤੀਆਂ ਗਈਆਂ ਹਨ, ਜਦਕਿ ਅਗਲੇ ਸਮੇਂ ਦੌਰਾਨ ਹੋਰ ਖੁੱਲ੍ਹਾਂ ਆਦਿ ਦਿੱਤੀਆਂ ਜਾਣਗੀਆਂ।
ਅੱਜ ਦੀ ਇਸ ਮੀਟਿੰਗ ਵਿੱਚ ਵੈਟ, ਜੀ. ਐੱਸ. ਟੀ. ਰਿਫੰਡ, ਫਿਕਸਡ ਬਿਜਲੀ ਖਰਚੇ ਅਤੇ ਸਥਾਨਕ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖ਼ਲਾਈ ਦੇਣ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਦੇ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਸ੍ਰੀ ਕੇ. ਕੇ. ਬਾਵਾ, ਸ੍ਰ. ਅਮਰਜੀਤ ਸਿੰਘ ਟਿੱਕਾ (ਦੋਵੇਂ ਚੇਅਰਮੈਨ), ਸੀਨੀਅਰ ਉੱਪ ਚੇਅਰਮੈਨ ਸ੍ਰੀ ਰਮੇਸ਼ ਜੋਸ਼ੀ ਅਤੇ ਹੋਰ ਸਨਅਤਕਾਰ ਅਤੇ ਅਧਿਕਾਰੀ ਹਾਜ਼ਰ ਸਨ।