ਲੁਧਿਆਣੇ ਵਾਲਿਓ ਸੁਚੇਤ ਹੋ ਜਾਓ ! – ਅੱਜ ਪੰਜਾਬ ਵਿੱਚ 46 ਕੋਰੋਨਾ ਪੋਜ਼ੀਟਿਵ ਮਰੀਜ਼ ਦਾ ਹੋਇਆ ਵਾਧਾ – 16 ਇਕਲੇ ਲੁਧਿਆਣਾ ਦੇ — ਲੁਧਿਆਣਾ ਦਾ ਇੱਕ ਪੂਰਾ ਮੁਹੱਲਾ ਕੰਟੇਨਮੈਂਟ ਏਰੀਆ ਐਲਾਨਿਆ ਗਿਆ
ਨਿਊਜ਼ ਪੰਜਾਬ
ਲੁਧਿਆਣਾ, 5 ਜੂਨ – ਲੁਧਿਆਣਾ ਵਿੱਚ ਕੋਰੋਨਾ ਮਹਾਂਮਾਰੀ ਦਾ ਅਣਗਹਿਲੀ ਕਾਰਨ ਜ਼ੋਰ ਵਧਦਾ ਜਾ ਰਿਹਾ ਹੈ ਅੱਜ ਇਥੇ 16 ਪੋਜ਼ੀਟਿਵ ਕੇਸ ਆਏ ਹਨ | ਜਿਲ੍ਹਾ ਅਧਿਕਾਰੀਆਂ ਵਲੋਂ ਸਖਤੀ ਕਰਦਿਆਂ ਲੋਕਾਂ ਨੂੰ ਨਿਯਮਾਂ ਦੀ ਪਾਲਣ ਕਰਨ ਲਈ ਕਿਹਾ ਹੈ | ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ 19 ਬਿਮਾਰੀ ਤੋਂ ਪੀੜਤ 16 ਹੋਰ ਮਾਮਲੇ ਸਾਹਮਣੇ ਆਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਵਿੱਚੋਂ 5 ਮਰੀਜ਼ ਛਾਉਣੀ ਮੁਹੱਲਾ ਨਾਲ, 3 ਮਾਡਲ ਟਾਊਨ ਐਕਸਟੈਨਸ਼ਨ ਨਾਲ, 4 ਖੰਨਾ ਨਾਲ, 2 ਮਾਧੋਪੁਰੀ ਨਾਲ, 1 ਇਸਲਾਮਗੰਜ ਨਾਲ ਸੰਬੰਧਤ ਹਨ। ਇੱਕ ਮਰੀਜ਼ ਦਿੱਲੀ ਨਾਲ ਸੰਬੰਧਤ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਕਿਉਂਕਿ ਇਕੱਲੇ ਛਾਉਣੀ ਮੁਹੱਲੇ ਵਿੱਚੋਂ ਹੀ ਹੁਣ ਤੱਕ 15 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਤਾਂ ਇਸ ਇਲਾਕੇ ਨੂੰ ਜਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਜਿਸ ਨਾਲ ਇਸ ਇਲਾਕੇ ਵਿੱਚ ਕਰਫਿਊ/ਲੌਕਡਾਊਨ ਵਰਗੀ ਸਥਿਤੀ ਬਣਾ ਕੇ ਰੱਖੀ ਜਾਵੇਗੀ। ਇਸ ਖੇਤਰ ਵਿੱਚੋਂ ਨਾ ਹੀ ਕਿਸੇ ਵਿਅਕਤੀ ਨੂੰ ਬਾਹਰ ਜਾਣ ਅਤੇ ਨਾ ਹੀ ਅੰਦਰ ਆਉਣ ਦੀ ਆਗਿਆ ਹੋਵੇਗੀ। ਇਸ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਵਿੱਚ ਸਿਰਫ਼ ਘਰੇਲੂ ਅਤੇ ਜ਼ਰੂਰੀ ਸੇਵਾਵਾਂ ਹੀ ਚਾਲੂ ਰੱਖੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜਿਲ੍ਹਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 5 ਜੂਨ, 2020 ਤੱਕ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ 160 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 9806 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 9121 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 8799 ਨਤੀਜੇ ਨੈਗੇਟਿਵ ਆਏ ਹਨ, ਜਦਕਿ 685 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ 226 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 96 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 9 ਮੌਤਾਂ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜਿਲ੍ਹਾ ਲੁਧਿਆਣਾ ਨਾਲ ਸੰਬੰਧਤ 160 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ 7576 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1591 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 237 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 603 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।, ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਇਸ ਇਲਾਕੇ ‘ਚ ਕੋਰੋਨਾ ਨਾਲ ਸਬੰਧਿਤ 15 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਸ ਇਲਾਕੇ ‘ਚ 15 ਤੋਂ ਵੱਧ ਮਾਮਲੇ ਆ ਜਾਣ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ‘ਚ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਸਿਵਲ ਹਸਪਤਾਲ ‘ਚ ਲਿਜਾ ਕੇ ਇਲਾਜ ਕੀਤਾ ਜਾਵੇਗਾ। ਇਸ ਇਲਾਕੇ ‘ਚ ਸਿਰਫ਼ ਐਮਰਜੈਂਸੀ ਡਾਕਟਰੀ ਅਤੇ ਬਹੁਤ ਜ਼ਰੂਰੀ ਸੇਵਾਵਾਂ ਦੀ ਆਗਿਆ ਦਿੱਤੀ ਜਾਵੇਗੀ ਅਤੇ ਲਗਾਤਾਰ 14 ਦਿਨਾਂ ਲਈ ਸਿਹਤ ਵਿਭਾਗ ਇਲਾਕੇ ਉੱਪਰ ਨਜ਼ਰਸਾਨੀ ਰੱਖੇਗਾ। ਜੇਕਰ ਇੱਕ ਹਫ਼ਤੇ ‘ਚ ਇੱਕ ਤੋਂ ਵੱਧ ਮਰੀਜ਼ ਸਾਹਮਣੇ ਆਉਂਦੇ ਹਨ ਤਾਂ ਕੰਟੇਨਮੈਂਟ ਜ਼ੋਨ ਦੇ ਸਮੇਂ ‘ਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਮਾਮਲਾ ਨਹੀਂ ਆਉਂਦਾ ਦਾ ਕੰਟੇਨਮੈਂਟ ਜ਼ੋਨ ਖ਼ਤਮ ਕਰ ਦਿੱਤਾ ਜਾਵੇਗਾ। ਜਿਲ੍ਹਾ ਪ੍ਰਸਾਸ਼ਨ ਵਲੋਂ ਵੱਖ ਵੱਖ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਕਰਨੇ ਸ਼ੁਰੂ ਕਰ ਦਿਤੇ ਹਨ , ਇਸ ਸਬੰਧੀ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 6285 ਵਿਅਕਤੀਆਂ ਨੂੰ 15,99,400 ਰੁਪਏ ਜੁਰਮਾਨਾ ਕੀਤਾ ਗਿਆ ਹੈ ਜਦਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 2174 ਵਿਅਕਤੀਆਂ ਨੂੰ 2,22,800 ਰੁਪਏ, ਦੂਰੀ ਨਾ ਬਣਾ ਕੇ ਰੱਖਣ ਵਾਲੇ 3 ਵਿਅਕਤੀਆਂ ਨੂੰ 6000 ਰੁਪਏ ਅਤੇ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ 2 ਵਿਅਕਤੀਆਂ ਨੂੰ 1000 ਰੁਪਏ ਜੁਰਮਾਨਾ ਕੀਤਾ ਗਿਆ ਹੈ।
—-