ਪ੍ਰਸਿੱਧ ਪੰਥਕ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ ਗੁਰੂ ਅੰਗਦ ਦਰਪਣ ‘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

ਅੰਮ੍ਰਿਤਸਰ, 6 ਦਸੰਬਰ – ਉੱਘੇ ਸਿੱਖ ਵਿਦਵਾਨ ਅਤੇ ਪ੍ਰਚਾਰਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ. ਕੇ. ਦੀ ਪੁਸਤਕ “ਗੁਰੂ ਅੰਗਦ ਦਰਪਣ ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ” ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼ਖ਼ਸੀਅਤਾਂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਜਾਰੀ ਕੀਤੀ ਗਈ।ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ, ਯੂ.ਕੇ. ਵਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਪ੍ਰਸਿੱਧ ਪੰਥਕ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ ਗੁਰੂ ਅੰਗਦ ਦਰਪਣ ‘ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ ਕਰਨ ਉਪਰੰਤ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੰਥਕ ਕਾਰਜ਼ਾ ਪ੍ਰਤੀ ਕੀਤੀ ਜਾ ਰਹੀ ਸੇਵਾ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਸਿਰੋਪਾਓ, ਲੋਈ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਦੇ ਕੇ ਕੀਤਾ ਸਨਮਾਨਿਤ ਵੀ ਕੀਤਾ

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਕਥਾ ਰਾਹੀਂ ਸੰਗਤਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਆਪਣੀਆਂ ਲਿਖਤਾਂ ਨਾਲ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਨਿਭਾਅ ਰਹੇ ਹਨ। ਇਨ੍ਹਾਂ ਵੱਲੋਂ ਪਹਿਲਾਂ ਲਿਖੀਆਂ ਪੁਸਤਕਾਂ ਵਿਚ ‘ਦਰਪਣ ਸਿੱਖ ਰਹਿਤ ਮਰਯਾਦਾ, ਬਾਦਸ਼ਾਹ ਦਰਵੇਸ਼, ਗੁਰੂ ਨਾਨਕ ਉਦਾਸੀ ਦਰਪਣ, ਜ਼ਫ਼ਰਨਾਮਾ ਦੀ ਲੇਖਣੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਅਤੇ ਗੁਰਮਤਿ ਸਿਧਾਂਤਾਂ ਨੂੰ ਪ੍ਰਣਾਈ ਹੋਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਾਨ ਵੱਲੋਂ ਲਿਖੀ ਗਈ ਇਹ ਪੁਸਤਕ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਦਾ ਵੱਡਾ ਉਪਰਾਲਾ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।

ਇਸ ਮੌਕੇ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਧੰਨਵਾਦ ਕਰਦਿਆਂ ਕਿਹਾ ਗੁਰੂ ਸਾਹਿਬ ਦੀ ਬਖਸ਼ਿਸ ਅਤੇ ਸੰਗਤਾਂ ਦੀ ਪ੍ਰੇਰਨਾਂ ਸਦਕਾ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਲਿਖਣ ਦਾ ਯਤਨ ਕਰ ਰਹੇ ਹਾਂ, ਜਿਸ ਨੂੰ ਸੰਗਤਾਂ ਵੱਲੋਂ ਮਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੁਸਤਕ ਜਾਰੀ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਮੁੱਖ ਸਖਸੀਅਤਾਂ ਦਾ ਧੰਨਵਾਦ ਕੀਤਾ। ਇਸੇ ਦੌਰਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਨੇ ਖ਼ਾਲਸਾ ਪ੍ਰਚਾਰਕ ਜਥਾ ਯੂਕੇ ਵੱਲੋਂ 1500 ਡਾਲਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਸ. ਵਰਿਆਮ ਸਿੰਘ ਤੇ ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਜਤਿੰਦਰ ਸਿੰਘ ਅਤੇ ਹੋਰ ਮੌਜੂਦ ਸਨ।

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੇ ਵਿਚਾਰ ਸੁਣਨ ਲਈ ਹੇਠਾਂ ਦਿੱਤੇ ਵੀਡੀਓ ਲਿੰਕ ਨੂੰ ਟੱਚ ਕਰੋ

https://www.facebook.com/share/v/1D5pjCpD6A/