ਨਿਊਜ਼ ਪੰਜਾਬ
3 ਜਨਵਰੀ 2025
ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਲੰਮੇ ਸਮੇਂ ਤੋਂ ਨਿਰਪੱਖ ਅਤੇ ਨਿਡਰ ਪੱਤਰਕਾਰੀ ਕਰਦੇ ਆ ਰਹੇ ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਅੰਮ੍ਰਿਤਸਰ ਸ਼ਹਿਰ ਅੰਦਰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ, ਉਹ ਖ਼ਬਰ ਦੀ ਕਵਰੇਜ ਲਈ ਏਅਰਪੋਰਟ ਰੋਡ ਵੱਲ ਜਾ ਰਹੇ ਸਨ ਕਿ ਅਚਾਨਕ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਘਟਨਾ ਤੋਂ ਤੁਰੰਤ ਬਾਅਦ ਮੌਕੇ ’ਤੇ ਮੌਜੂਦ ਸਥਾਨਕ ਲੋਕਾਂ ਨੇ ਟਰੱਕ ਡਰਾਈਵਰ ਅਤੇ ਉਸ ਦੇ ਸਹਾਇਕ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਣਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਸੀਨੀਅਰ ਪੱਤਰਕਾਰ ਹਰਜੀਤ ਸਿੰਘ ਗਰੇਵਾਲ ਦੀ ਬੇ-ਵਕਤੀ ਮੌਤ ਨਾਲ ਪੱਤਰਕਾਰ ਭਾਈਚਾਰੇ ਵਿੱਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ। ਅੰਮ੍ਰਿਤਸਰ ਪ੍ਰੈਸ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਇਸ ਦੁੱਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
