ਨਿਊਜ਼ ਪੰਜਾਬ
7 ਜਨਵਰੀ 2026
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਸਖ਼ਤ ਰੂਪ ਧਾਰਨ ਕਰਦੀ ਹੋਈ ਅੱਜ ਆਪਣੇ ਦੂਜੇ ਪੜਾਅ ਵਿੱਚ ਦਾਖ਼ਲ ਹੋ ਰਹੀ ਹੈ। ਇਸ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਅੱਜ (ਬੁੱਧਵਾਰ) ਜਲੰਧਰ ਵਿੱਚ ਹੋਵੇਗੀ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਸ਼ਾਮਲ ਹੋਣਗੇ। ਪਹਿਲੇ ਪੜਾਅ ਦੌਰਾਨ ਪੰਜਾਬ ਪੁਲਿਸ ਅਤੇ ਹੋਰ ਏਜੰਸੀਆਂ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਦੇ ਨਤੀਜੇ ਵਜੋਂ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ ਅਤੇ ਕਰੋੜਾਂ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ। ਸਰਕਾਰੀ ਅੰਕੜਿਆਂ ਅਨੁਸਾਰ ਪਹਿਲੇ ਪੜਾਅ ਵਿੱਚ 1,859 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ, 43 ਹਜ਼ਾਰ ਤੋਂ ਵੱਧ ਤਸਕਰ ਗ੍ਰਿਫ਼ਤਾਰ ਹੋਏ ਅਤੇ ਲਗਭਗ 15.32 ਕਰੋੜ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੀ ਰਕਮ ਕਬਜ਼ੇ ਵਿੱਚ ਲਈ ਗਈ। ਸਰਕਾਰ ਦਾ ਕਹਿਣਾ ਹੈ ਕਿ ਦੂਜੇ ਪੜਾਅ ਵਿੱਚ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਨਸ਼ਾ ਰੋਕਥਾਮ, ਨਸ਼ਾ ਛੁਡਾਊ, ਮੁੜ ਵਸੇਬਾ ਅਤੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ‘ਤੇ ਖ਼ਾਸ ਧਿਆਨ ਦਿੱਤਾ ਜਾਵੇਗਾ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਪੂਰਾ ਕੀਤਾ ਜਾ ਸਕੇ।ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਕਰਨ ਲਈ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ।
