ਪੰਜਾਬ ਪੁਲਿਸ ਦਾ 72 ਘੰਟਿਆਂ ਦਾ ‘ਆਪ੍ਰੇਸ਼ਨ ਪ੍ਰਹਾਰ’ ਸ਼ੁਰੂ, ਗੈਂਗਸਟਰਾਂ ਖ਼ਿਲਾਫ਼ ਸੂਬੇ ਭਰ ’ਚ ਵੱਡੀ ਕਾਰਵਾਈ

ਨਿਊਜ਼ ਪੰਜਾਬ

20 ਜਨਵਰੀ 2026

ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 72 ਘੰਟਿਆਂ ਦਾ ਆਪ੍ਰੇਸ਼ਨ ‘ਪ੍ਰਹਾਰ’ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਪ੍ਰੇਸ਼ਨ ਤਹਿਤ ਕਰੀਬ 12 ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਿਨ੍ਹਾਂ ਵਿੱਚੋਂ ਲਗਭਗ 2,000 ਪੁਲਿਸ ਕਰਮਚਾਰੀ ਸਿੱਧੇ ਤੌਰ ’ਤੇ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗੈਂਗਸਟਰਾਂ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਜਿਸ ਲਈ 93946-93946 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਅਤੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਗਲਤ ਰਾਹ ’ਤੇ ਪਏ ਨੌਜਵਾਨਾਂ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਦਾ ਇਹ ਆਖਰੀ ਮੌਕਾ ਹੈ, ਕਿਉਂਕਿ ਹੁਣ ਪੰਜਾਬ ਪੁਲਿਸ ਕਿਸੇ ਨੂੰ ਵੀ ਬਖ਼ਸ਼ਣ ਵਾਲੀ ਨਹੀਂ। ਡੀਜੀਪੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।