ਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਗ੍ਰਨੇਡ ਤੇ ਆਧੁਨਿਕ ਹਥਿਆਰ ਬਰਾਮਦ

ਨਿਊਜ਼ ਪੰਜਾਬ

23 ਜਨਵਰੀ 2026

ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਠੀਕ ਪਹਿਲਾਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਹੈਂਡ ਗ੍ਰਨੇਡ, ਆਧੁਨਿਕ ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਗੋਲੀ-ਸਿੱਕਾ ਬਰਾਮਦ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਕਿਸੇ ਸੁਰੱਖਿਆ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਇੱਕ ਵੱਡਾ ਅੱਤਵਾਦੀ ਹਮਲਾ ਟਲ ਗਿਆ ਹੈ, ਜਦਕਿ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖ਼ੁਲਾਸਿਆਂ ਦੀ ਉਮੀਦ ਜਤਾਈ ਜਾ ਰਹੀ ਹੈ।