ਧਾਰਮਿਕ ਸਥਾਨਾਂ ’ਚ ਸੋਸ਼ਲ ਡਿਸਟੈਂਸਿੰਗ ਤੇ ਕੋਵਿਡ ਪ੍ਰੋਟੋਕਾਲ ਦੀਆਂ ਸਖ਼ਤ ਸ਼ਰਤਾਂ ਸਹਿਤ ਲੰਗਰ ਅਤੇ ਪ੍ਰਸ਼ਾਦ ਦੀ ਆਗਿਆ
ਸਿਹਤ ਵਿਭਾਗ ਵੱਲੋਂ ਜਾਰੀ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਲਾਜ਼ਮੀ
ਨਿਊਜ਼ ਪੰਜਾਬ
ਨਵਾਂਸ਼ਹਿਰ, 9 ਜੂਨ- ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਮਿਤੀ 9 ਜੂਨ 2020 ਦੇ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ’ਚ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਧਾਰਮਿਕ ਸਥਾਨਾਂ ’ਚ ਸੋਸ਼ਲ ਡਿਸਟੈਸਿੰਗ ਅਤੇ ਕੋਵਿਡ ਪ੍ਰੋਟੋਕਾਲ ਦੀਆਂ ਸਖ਼ਤ ਸ਼ਰਤਾਂ ਸਹਿਤ ਲੰਗਰ ਅਤੇ ਪ੍ਰਸ਼ਾਦ ਦੀ ਆਗਿਆ ਦੇ ਦਿੱਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਦੋਵੇਂ ਕਾਰਜਾਂ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ 4 ਜੂਨ 2020 ਦੇ ਪੂਜਾ ਅਤੇ ਧਾਰਮਿਕ ਸਥਾਨਾਂ ਲਈ ਜਾਰੀ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ ’ਚ ਦਰਜ ਹਦਾਇਤਾਂ ਦੀ ਪ੍ਰਬੰਧਕਾਂ ਦੁਆਰਾ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਵੀ ਦਿੱਤੀ ਹੈ। ਜੇਕਰ ਕੋਈ ਉਲੰਘਣਾ ਪਾਈ ਜਾਂਦੀ ਹੈ ਤਾਂ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਤੋਂ 60 ਅਤੇ ਭਾਰਤੀ ਦੰਡ ਵਿਧਾਨ ਦੀ ਧਾਰਾ 188 ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।