ਸੁਪਰੀਮ ਕੋਰਟ ਤੋਂ ਜ਼ਮਾਨਤ ਮਗਰੋਂ ਅੱਜ ਥੋੜੀ ਦੇਰ’ ਚ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ ਬਿਕਰਮ ਸਿੰਘ ਮਜੀਠੀਆ

ਨਿਊਜ਼ ਪੰਜਾਬ

3 ਫ਼ਰਵਰੀ 2026

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸਵੇਰੇ 10:30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ। ਬੀਤੀ ਸ਼ਾਮ ਤੱਕ ਜ਼ਮਾਨਤ ਨਾਲ ਸੰਬੰਧਿਤ ਕਾਨੂੰਨੀ ਕਾਰਵਾਈ ਪੂਰੀ ਨਾ ਹੋਣ ਕਾਰਨ ਉਹ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕੇ ਸਨ। ਦੱਸਣਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨਾਲ ਜੁੜੇ ਤੱਥਾਂ ਅਤੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਬਉੱਚ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਜੀਲੈਂਸ ਵਲੋਂ ਉਨ੍ਹਾਂ ਨੂੰ ਪਿਛਲੇ ਸਾਲ 25 ਜੂਨ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਸਮੇਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਸਨ। ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਮਜੀਠੀਆ ਵਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ, ਜਿੱਥੇ ਕੱਲ੍ਹ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ।