ਖੰਨਾ’ਚ ਇਨਫਲੂਐਂਸਰ ਹਨੀ ਸੇਠੀ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ,ਡੋਪ ਟੈਸਟ ਆਇਆ ਪਾਜ਼ੀਟਿਵ

ਨਿਊਜ਼ ਪੰਜਾਬ

15 ਫ਼ਰਵਰੀ 2026

ਲੁਧਿਆਣਾ ਦੇ ਕਸਬਾ ਖੰਨਾ ਵਿੱਚ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਜੁੱਤਾ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕੀਤੇ ਗਏ ਡੋਪ ਟੈਸਟ ਵਿੱਚ ਨਸ਼ੀਲੇ ਪਦਾਰਥਾਂ ਦੇ ਸੇਵਨ ਦੀ ਪੁਸ਼ਟੀ ਹੋਣ ਤੋਂ ਬਾਅਦ ਉਸਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ, ਖੰਨਾ ਨੇੜੇ ਦੋਰਾਹਾ ਇਲਾਕੇ ਵਿੱਚ ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਹਨੀ ਸੇਠੀ ਨੂੰ ਰੋਕਿਆ। ਇਸ ਤੋਂ ਬਾਅਦ ਉਸਦਾ ਦੋਰਾਹਾ ਦੇ ਸਰਕਾਰੀ ਹਸਪਤਾਲ ਵਿੱਚ ਡੋਪ ਟੈਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਪੁਲਿਸ ਨੂੰ ਪਹਿਲਾਂ ਵੀ ਉਸ ਦੀਆਂ ਗਤੀਵਿਧੀਆਂ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ।

ਦੋਰਾਹਾ ਥਾਣਾ ਮੁਖੀ ਆਕਾਸ਼ ਦੱਤ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਵਿੱਚ ਨਸ਼ਾ ਕਰਨ ਦੀ ਪੁਸ਼ਟੀ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੀ ਜਾਂਚ ਜਾਰੀ ਹੈ।

ਹਨੀ ਸੇਠੀ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦਾ ਹੈ ਅਤੇ ਅਕਸਰ ਆਪਣੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਰਹਿੰਦਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਇਲਾਕੇ ਵਿੱਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।