ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ

ਨਿਊਜ਼ ਪੰਜਾਬ

17 ਫ਼ਰਵਰੀ 2026

ਚੰਗੇ ਭਵਿੱਖ ਦੀ ਭਾਲ ਵਿੱਚ ਸੱਤ ਸਮੁੰਦਰੋਂ ਪਾਰ ਅਮਰੀਕਾ ਗਏ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਜੇਪੀ (34) ਦੀ ਇੱਕ ਸੜਕ ਹਾਦਸੇ ਤੋਂ ਬਾਅਦ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਖ਼ਬਰ ਨਾਲ ਜਿੱਥੇ ਅਮਰੀਕਾ ਵਿੱਚ ਵਸਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਪਿੰਡ ਵਿੱਚ ਰਹਿੰਦੇ ਉਸ ਦੇ ਬਜ਼ੁਰਗ ਮਾਤਾ-ਪਿਤਾ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰਕ ਸੂਤਰਾਂ ਅਨੁਸਾਰ, ਗੁਰਪ੍ਰੀਤ ਸਿੰਘ ਪਿਛਲੇ 8 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਉਹ ਉੱਥੇ ਆਪਣਾ ਕਾਰੋਬਾਰ ਕਰਨ ਦੇ ਨਾਲ-ਨਾਲ ਪਾਰਟ-ਟਾਈਮ ਊਬਰ (Uber) ਟੈਕਸੀ ਵੀ ਚਲਾਉਂਦਾ ਸੀ। ਬੀਤੀ 7 ਫਰਵਰੀ ਨੂੰ ਜਦੋਂ ਉਹ ਸਵਾਰੀਆਂ ਛੱਡਣ ਜਾ ਰਿਹਾ ਸੀ, ਤਾਂ ਅਚਾਨਕ ਗੱਡੀ ਚਲਾਉਂਦੇ ਸਮੇਂ ਉਸ ਨੂੰ ਦੌਰਾ ਪੈ ਗਿਆ। ਨਤੀਜੇ ਵਜੋਂ ਬੇਕਾਬੂ ਹੋਈ ਗੱਡੀ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਗੁਰਪ੍ਰੀਤ ਦੀ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆ ਸਨ।

ਹਸਪਤਾਲ ਵਿੱਚ ਇਲਾਜ ਦੌਰਾਨ ਗੁਰਪ੍ਰੀਤ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਸੀ ਅਤੇ ਪਰਿਵਾਰ ਨੂੰ ਉਮੀਦ ਸੀ ਕਿ ਉਹ ਇੱਕ-ਦੋ ਦਿਨਾਂ ਵਿੱਚ ਘਰ ਪਰਤ ਆਵੇਗਾ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਇਲਾਜ ਦੌਰਾਨ ਹੀ ਉਸ ਨੂੰ ਦੁਬਾਰਾ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਛੋਟੀਆਂ ਧੀਆਂ ਛੱਡ ਗਿਆ ਹੈ।ਪੀੜਤ ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਹੀ ਰੋਜ਼ਗਾਰ ਦੇ ਅਜਿਹੇ ਮੌਕੇ ਪੈਦਾ ਕੀਤੇ ਜਾਣ ਤਾਂ ਜੋ ਨੌਜਵਾਨਾਂ ਨੂੰ ਆਪਣੀ ਜਾਨ ਜ਼ੋਖ਼ਮ ਵਿੱਚ ਪਾ ਕੇ ਵਿਦੇਸ਼ਾਂ ਵੱਲ ਮੂੰਹ ਨਾ ਕਰਨਾ ਪਵੇ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸੁਰੱਖਿਆ ਅਤੇ ਮਦਦ ਲਈ ਸਰਕਾਰ ਨੂੰ ਠੋਸ ਨੀਤੀ ਬਣਾਉਣ ਦੀ ਮੰਗ ਵੀ ਕੀਤੀ ਹੈ। ਗੁਰਪ੍ਰੀਤ ਸਿੰਘ ਦੇ ਅਚਾਨਕ ਵਿਛੋੜੇ ਨਾਲ ਪਿੰਡ ਗੋਹਤ ਪੋਖਰ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਮਾਤਮ ਪਸਰਿਆ ਹੋਇਆ ਹੈ। ਪਿੰਡ ਵਾਸੀਆਂ ਨੇ ਇਸ ਨੂੰ ਇਲਾਕੇ ਲਈ ਇੱਕ ਵੱਡਾ ਘਾਟਾ ਦੱਸਿਆ ਹੈ।